IMG-LOGO
ਹੋਮ ਪੰਜਾਬ: ਸੁਖਬੀਰ ਬਾਦਲ ’ਤੇ ਹਮਲੇ ਨੂੰ ਰਾਜੋਆਣਾ ਨੇ ਦੱਸਿਆ ਵੱਡੀ ਸਾਜ਼ਿਸ਼...

ਸੁਖਬੀਰ ਬਾਦਲ ’ਤੇ ਹਮਲੇ ਨੂੰ ਰਾਜੋਆਣਾ ਨੇ ਦੱਸਿਆ ਵੱਡੀ ਸਾਜ਼ਿਸ਼ ਦਾ ਹਿੱਸਾ, ਬੇਅਦਬੀ ਮਾਮਲਿਆਂ ’ਤੇ ਚੁੱਕੇ ਗੰਭੀਰ ਸਵਾਲ

Admin User - Aug 14, 2026 04:11 PM
IMG

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਖ਼ਾਲਸਾ ਪੰਥ ਦੇ ਨਾਮ ਲਿਖੀ ਆਪਣੀ ਚਿੱਠੀ ਵਿੱਚ ਰਾਜੋਆਣਾ ਨੇ ਇਸ ਹਮਲੇ ਨੂੰ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਇਸ ਘਟਨਾ ਨੂੰ ਲੈ ਕੇ ਕਈ ਸਵਾਲ ਵੀ ਖੜ੍ਹੇ ਕੀਤੇ ਹਨ।

ਰਾਜੋਆਣਾ ਨੇ ਕਿਹਾ ਕਿ ਗੁਰੂ ਘਰ ਦੇ ਦਰਸ਼ਨਾਂ ਲਈ ਜਾਣ ਵਾਲੇ ਕਿਸੇ ਵੀ ਵਿਅਕਤੀ ’ਤੇ ਉੱਥੇ ਹਮਲਾ ਕਰਨਾ ਸਿੱਖ ਮਰਿਆਦਾ ਅਤੇ ਪਰੰਪਰਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿੱਚ ਮੱਥਾ ਟੇਕਣ ਆਏ ਸਿੱਖ ’ਤੇ ਕੋਈ ਗੁਰੂ ਦਾ ਸਿੱਖ ਹਮਲਾ ਨਹੀਂ ਕਰ ਸਕਦਾ, ਭਾਵੇਂ ਦੋਵਾਂ ਵਿਚਕਾਰ ਕਿੰਨੀ ਵੀ ਵੱਡੀ ਦੁਸ਼ਮਣੀ ਕਿਉਂ ਨਾ ਹੋਵੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ, ਸਮੇਤ ਹਰਸਿਮਰਤ ਕੌਰ ਬਾਦਲ, ਦੀ ਚੰਗੀ ਸਿਹਤ ਅਤੇ ਚੜ੍ਹਦੀਕਲਾ ਲਈ ਅਰਦਾਸ ਕਰਨ ਦੀ ਗੱਲ ਵੀ ਆਖੀ।

ਚਿੱਠੀ ਵਿੱਚ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਪਿਛਲੇ ਸਮੇਂ ਵਿੱਚ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਹਰਚੰਦ ਸਿੰਘ ਲੌਂਗੋਵਾਲ ਦੇ ਕਤਲ ਤੋਂ ਇਲਾਵਾ ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ’ਤੇ ਹੋਏ ਜਾਨਲੇਵਾ ਹਮਲਿਆਂ ਦਾ ਹਵਾਲਾ ਦਿੱਤਾ। ਇਸ ਦੇ ਨਾਲ ਹੀ 1991 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 28 ਅਕਾਲੀ ਉਮੀਦਵਾਰਾਂ ਦੇ ਕਤਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ।

ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਬੇਅਦਬੀ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅਕਾਲੀ ਦਲ ਨਾਲ ਜੋੜ ਕੇ ਖ਼ਾਲਸਾ ਪੰਥ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇਕਰ ਅਕਾਲੀ ਸਰਕਾਰ ਦੇ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਤਾਂ ਬਾਅਦ ਵਿੱਚ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਹੋਈਆਂ ਘਟਨਾਵਾਂ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਸਮੇਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜ਼ਿੰਮੇਵਾਰ ਕਿਉਂ ਨਾ ਮੰਨਿਆ ਜਾਵੇ?

ਰਾਜੋਆਣਾ ਨੇ ਕਿਹਾ ਕਿ ਸੁਖਬੀਰ ਬਾਦਲ ’ਤੇ ਹੋਇਆ ਹਮਲਾ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਇਸ ਦੇ ਪਿੱਛੇ ਵੱਡੀ ਸਾਜ਼ਿਸ਼ ਹੋਣ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਪਣੇ ਪੱਤਰ ਰਾਹੀਂ ਸਿੱਖ ਪੰਥ ਨੂੰ ਘਟਨਾ ਨੂੰ ਸਿੱਖ ਸਿਧਾਂਤਾਂ, ਗੁਰੂ ਮਰਿਆਦਾ ਅਤੇ ਸਿਆਸੀ ਪਸਮੰਜ਼ਰ ਵਿੱਚ ਦੇਖਣ ਦੀ ਅਪੀਲ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.