IMG-LOGO
ਹੋਮ ਪੰਜਾਬ: ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ, ਕਾਰ ’ਤੇ...

ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ, ਕਾਰ ’ਤੇ ਮਿਲੇ ਗੋਲੀ ਦੇ ਨਿਸ਼ਾਨ; ਖੁਦ ਸਾਹਮਣੇ ਆ ਕੇ ਦੱਸੀ ਪੂਰੀ ਘਟਨਾ

Admin User - Aug 14, 2026 04:45 PM
IMG

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਗਿਆਨੀ ਰਘਬੀਰ ਸਿੰਘ ਦੀ ਕਾਰ ਦੇ ਬੋਨਟ ’ਤੇ ਗੋਲੀ ਦਾ ਨਿਸ਼ਾਨ ਮਿਲਿਆ ਹੈ, ਜਦਕਿ ਘਰ ਦੇ ਨੇੜਿਓਂ ਗੋਲੀ ਦਾ ਖਾਲੀ ਖੋਲ ਵੀ ਬਰਾਮਦ ਹੋਇਆ ਹੈ।

ਗਿਆਨੀ ਰਘਬੀਰ ਸਿੰਘ ਨੇ ਖੁਦ ਮੀਡੀਆ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਘਟਨਾ 12 ਅਗਸਤ ਦੀ ਦੇਰ ਰਾਤ ਵਾਪਰੀ। ਫੁਟੇਜ ਵਿੱਚ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ, ਪਰ ਗੋਲੀ ਕਿਸ ਵਿਅਕਤੀ ਵੱਲੋਂ ਚਲਾਈ ਗਈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ।

ਘਟਨਾ ਦਾ ਪਤਾ 13 ਅਗਸਤ ਨੂੰ ਲੱਗਾ, ਜਦੋਂ ਗਿਆਨੀ ਰਘਬੀਰ ਸਿੰਘ ਦੇ ਡਰਾਈਵਰ ਵੱਲੋਂ ਉਨ੍ਹਾਂ ਨੂੰ ਲੈ ਕੇ ਜਾਣ ਤੋਂ ਪਹਿਲਾਂ ਕਾਰ ਦੀ ਸਫਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਕਾਰ ਦੇ ਬੋਨਟ ’ਤੇ ਗੋਲੀ ਦਾ ਨਿਸ਼ਾਨ ਦੇਖਿਆ ਗਿਆ। ਜਾਂਚ ਕਰਨ ’ਤੇ ਨੇੜਿਓਂ ਗੋਲੀ ਦਾ ਖਾਲੀ ਖੋਲ ਵੀ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਦੇ ਪੀਐਸਓ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦੇ ਹੀ ਥਾਣਾ ਮਕਬੂਲਪੁਰਾ ਦੇ ਐੱਸਐੱਚਓ ਅਤੇ ਏਸੀਪੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਸਮੇਤ ਘਟਨਾ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਗਿਆਨੀ ਰਘਬੀਰ ਸਿੰਘ ਨੇ ਲਾਲ ਟੀ-ਸ਼ਰਟ ਪਹਿਨੇ ਇੱਕ ਅਣਪਛਾਤੇ ਨੌਜਵਾਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੁਤਾਬਕ ਇਹ ਨੌਜਵਾਨ ਸੀਸੀਟੀਵੀ ਵਿੱਚ ਉਨ੍ਹਾਂ ਦੇ ਘਰ ਦੇ ਨੇੜੇ ਦੋਪਹੀਆ ਵਾਹਨ ’ਤੇ ਘੁੰਮਦਾ ਦਿਖਾਈ ਦੇ ਰਿਹਾ ਹੈ ਅਤੇ ਫੋਨ ’ਤੇ ਕਿਸੇ ਨਾਲ ਗੱਲ ਕਰਦਾ ਵੀ ਨਜ਼ਰ ਆ ਰਿਹਾ ਹੈ। ਹਾਲਾਂਕਿ ਫੁਟੇਜ ਵਿੱਚ ਉਸ ਨੂੰ ਗੋਲੀ ਚਲਾਉਂਦੇ ਹੋਏ ਨਹੀਂ ਦੇਖਿਆ ਗਿਆ।

ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਹੁਣ ਤੱਕ ਕਿਸੇ ਤਰ੍ਹਾਂ ਦੀ ਧਮਕੀ ਭਰੀ ਕਾਲ ਜਾਂ ਹੋਰ ਧਮਕੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਤੱਥਾਂ ਅਤੇ ਸੰਭਾਵਿਤ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।

ਮੌਕੇ ’ਤੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਡੀਸੀਪੀ ਕ੍ਰਾਈਮ ਰਵਿੰਦਰ ਸਿੰਘ ਵੀ ਪਹੁੰਚੇ। ਉਨ੍ਹਾਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਸ਼ਹਿਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ 15 ਅਗਸਤ ਦੇ ਮੱਦੇਨਜ਼ਰ ਅੰਮ੍ਰਿਤਸਰ ਸਮੇਤ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਇਸ ਕਰਕੇ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਿਹੰਗ ਸਿੰਘ ਵੱਲੋਂ ਹਮਲਾ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਸੀ। ਦੋਵੇਂ ਘਟਨਾਵਾਂ ਵਿਚਕਾਰ ਕੋਈ ਸਬੰਧ ਹੈ ਜਾਂ ਨਹੀਂ, ਇਸ ਬਾਰੇ ਫਿਲਹਾਲ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.