IMG-LOGO
ਹੋਮ ਪੰਜਾਬ: ਧਰੇੜੀ ਜੱਟਾਂ ਟੋਲ ਪਲਾਜ਼ਾ ਕਿਸਾਨਾਂ ਨੇ ਕੀਤਾ ਫਰੀ, ਬੈਂਕਿੰਗ ਮਸਲਿਆਂ...

ਧਰੇੜੀ ਜੱਟਾਂ ਟੋਲ ਪਲਾਜ਼ਾ ਕਿਸਾਨਾਂ ਨੇ ਕੀਤਾ ਫਰੀ, ਬੈਂਕਿੰਗ ਮਸਲਿਆਂ ਸਣੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

Admin User - Aug 14, 2026 08:24 PM
IMG

ਕਿਸਾਨੀ ਮਸਲਿਆਂ ਅਤੇ ਬੈਂਕਾਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਧਰਨਾ ਲਗਾ ਕੇ ਕੁਝ ਸਮੇਂ ਲਈ ਟੋਲ ਪਲਾਜ਼ਾ ਟੋਲ-ਫਰੀ ਕਰ ਦਿੱਤਾ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਬੈਂਕਾਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਫਰੀਦਕੋਟ ਵਿੱਚ ਦੋ ਸਕੇ ਭਰਾਵਾਂ ਵੱਲੋਂ ਕਥਿਤ ਤੌਰ ’ਤੇ ਬੈਂਕਿੰਗ ਮਸਲਿਆਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਵੀ ਜਥੇਬੰਦੀ ਵੱਲੋਂ ਲਗਾਤਾਰ ਧਰਨੇ ਅਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਕਰਜ਼ਾ ਦਿੰਦੇ ਸਮੇਂ ਕਈ ਮਾਮਲਿਆਂ ਵਿੱਚ ਬੈਂਕ ਕਿਸਾਨਾਂ ਦੀ ਜ਼ਮੀਨ ਜਾਂ ਹੋਰ ਜਾਇਦਾਦ ਗਿਰਵੀ ਰੱਖਣ ਦੇ ਨਾਲ ਬਲੈਂਕ ਚੈੱਕ ਵੀ ਲੈਂਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਬਾਅਦ ਵਿੱਚ ਇਨ੍ਹਾਂ ਚੈੱਕਾਂ ਦੀ ਵਰਤੋਂ ਕਰਕੇ ਕਿਸਾਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਮੰਗ ਕੀਤੀ ਕਿ ਬਲੈਂਕ ਚੈੱਕਾਂ ਨਾਲ ਸਬੰਧਤ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਕਿਸਾਨ ਨਾਲ ਗਲਤ ਕਾਰਵਾਈ ਹੋਈ ਹੈ ਤਾਂ ਉਸ ਨੂੰ ਰਾਹਤ ਦਿੱਤੀ ਜਾਵੇ।

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ One Time Settlement (OTS) ਸਕੀਮ ਵੀ ਸ਼ਾਮਲ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਹੋਰ ਬੈਂਕਾਂ ਵਿੱਚ ਕਰਜ਼ੇ ਦੇ ਨਿਪਟਾਰੇ ਲਈ OTS ਵਰਗੀਆਂ ਨੀਤੀਆਂ ਮੌਜੂਦ ਹਨ ਤਾਂ ਕੋਆਪਰੇਟਿਵ ਬੈਂਕਾਂ ਨਾਲ ਜੁੜੇ ਕਿਸਾਨਾਂ ਲਈ ਵੀ ਅਜਿਹੀ ਵਿਵਸਥਾ ਹੋਣੀ ਚਾਹੀਦੀ ਹੈ।

ਜਥੇਬੰਦੀ ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹੋਏ ਕਿਸਾਨ ਅੰਦੋਲਨ ਦੌਰਾਨ ਕਥਿਤ ਤੌਰ ’ਤੇ ਨੁਕਸਾਨੇ ਜਾਂ ਚੋਰੀ ਹੋਏ ਟਰੈਕਟਰ-ਟਰਾਲੀਆਂ, ਕੂਲਰ, ਫਰਿੱਜ ਅਤੇ ਹੋਰ ਸਮਾਨ ਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ।

ਕਿਸਾਨ ਆਗੂ ਮੁਤਾਬਕ ਇਨ੍ਹਾਂ ਮੰਗਾਂ ਨੂੰ ਲੈ ਕੇ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 12 ਬੈਂਕਾਂ ਅੱਗੇ ਵੀ ਧਰਨੇ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਅਜੇ ਤੱਕ ਕੋਈ ਠੋਸ ਹੱਲ ਨਹੀਂ ਮਿਲਿਆ।

ਜਗਦੀਪ ਸਿੰਘ ਨੇ ਦੋਸ਼ ਲਾਇਆ ਕਿ ਕੁਦਰਤੀ ਆਫ਼ਤਾਂ ਜਾਂ ਹੋਰ ਮੁਸ਼ਕਲ ਹਾਲਾਤਾਂ ਕਾਰਨ ਜਦੋਂ ਕਿਸਾਨ ਕਰਜ਼ੇ ਦੀ ਕਿਸ਼ਤ ਸਮੇਂ ਸਿਰ ਨਹੀਂ ਭਰ ਪਾਉਂਦੇ ਤਾਂ ਸੁਰੱਖਿਆ ਵਜੋਂ ਲਏ ਗਏ ਚੈੱਕਾਂ ਦੀ ਵਰਤੋਂ ਕਰਕੇ ਉਨ੍ਹਾਂ ਖ਼ਿਲਾਫ਼ ਧਾਰਾ 138 ਤਹਿਤ ਕਾਰਵਾਈ ਕੀਤੀ ਜਾਂਦੀ ਹੈ। ਕਿਸਾਨ ਜਥੇਬੰਦੀ ਨੇ ਅਜਿਹੇ ਮਾਮਲਿਆਂ ਦੀ ਜਾਂਚ ਅਤੇ ਬੇਕਸੂਰ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਤੋਂ ਬਲੈਂਕ ਚੈੱਕ ਲੈਣ ਦੇ ਕਾਨੂੰਨੀ ਆਧਾਰ ਬਾਰੇ ਵੀ ਸਵਾਲ ਕੀਤੇ ਗਏ ਸਨ, ਪਰ ਕਿਸਾਨ ਆਗੂਆਂ ਅਨੁਸਾਰ ਉਨ੍ਹਾਂ ਨੂੰ ਤਸੱਲੀਬਖਸ਼ ਜਵਾਬ ਨਹੀਂ ਮਿਲਿਆ।

ਕਿਸਾਨ ਆਗੂ ਨੇ ਕਿਹਾ ਕਿ ਫਰੀਦਕੋਟ ਵਿੱਚ ਮਾਰੇ ਗਏ ਦੋ ਨੌਜਵਾਨ ਕਿਸਾਨਾਂ ਦੇ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ, ਵਿਧਵਾ ਔਰਤਾਂ ਨੂੰ ਸਰਕਾਰੀ ਨੌਕਰੀ ਅਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਵਰਗੇ ਐਲਾਨ ਕੀਤੇ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਐਲਾਨਾਂ ਨੂੰ ਅਮਲੀ ਰੂਪ ਵਿੱਚ ਲਾਗੂ ਕਰਵਾਉਣ ਲਈ ਵੀ ਕਿਸਾਨਾਂ ਨੂੰ ਸੰਘਰਸ਼ ਕਰਨਾ ਪਿਆ।

ਜਗਦੀਪ ਸਿੰਘ ਮੁਤਾਬਕ ਕਿਸਾਨ ਫਰੀਦਕੋਟ ਵਿੱਚ ਰੇਲ ਰੋਕੋ ਪ੍ਰੋਗਰਾਮ ਵੱਲ ਵਧ ਰਹੇ ਸਨ, ਜਿਸ ਦੌਰਾਨ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ਅਤੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਕਿਸਾਨ ਜਥੇਬੰਦੀ ਨੇ ਇਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਟੋਲ ਪਲਾਜ਼ਿਆਂ ਨੂੰ ਕੁਝ ਸਮੇਂ ਲਈ ਟੋਲ-ਫਰੀ ਕਰਨ ਦਾ ਫੈਸਲਾ ਕੀਤਾ।

ਕਿਸਾਨ ਜਥੇਬੰਦੀ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਅਤੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਲੋੜ ਪੈਣ ’ਤੇ ਸੜਕਾਂ ’ਤੇ ਚੱਕਾ ਜਾਮ ਸਮੇਤ ਹੋਰ ਸਖ਼ਤ ਕਦਮ ਵੀ ਚੁੱਕੇ ਜਾ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.