ਤਾਜਾ ਖਬਰਾਂ
ਖਮਾਣੋਂ ਨੇੜਲੇ ਪਿੰਡ ਰਾਮਗੜ੍ਹ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਵਾਰਾ ਕੁੱਤਿਆਂ ਦੇ ਹਮਲੇ 'ਚ 70 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਾਰਾ ਸਿੰਘ (70) ਪੁੱਤਰ ਈਸ਼ਰ ਸਿੰਘ ਵਜੋਂ ਹੋਈ ਹੈ। ਇਸ ਖ਼ੌਫ਼ਨਾਕ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਹਿਮ ਅਤੇ ਰੋਸ ਦੀ ਲਹਿਰ ਦੌੜ ਗਈ ਹੈ।
ਪਿੰਡ ਦੇ ਸਰਪੰਚ ਨਵਜੀਤ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਾ ਸਿੰਘ ਬੀਤੀ ਰਾਤ ਕਰੀਬ 9 ਵਜੇ ਪਿੰਡ ਦੀ ਇੱਕ ਦੁਕਾਨ ਤੋਂ ਸਾਮਾਨ ਲੈਣ ਗਿਆ ਸੀ। ਰਸਤੇ 'ਚ ਇੱਕ ਸੁੰਨਸਾਨ ਗਲੀ ਅੰਦਰ 5 ਤੋਂ 7 ਆਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਅਚਾਨਕ ਹਮਲਾ ਕਰ ਦਿੱਤਾ। ਹਮਲੇ ਕਾਰਨ ਬਜ਼ੁਰਗ ਜ਼ਮੀਨ 'ਤੇ ਡਿੱਗ ਪਿਆ ਅਤੇ ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਨੋਚਣਾ ਸ਼ੁਰੂ ਕਰ ਦਿੱਤਾ। ਵੱਡੀ ਉਮਰ ਹੋਣ ਕਾਰਨ ਬਜ਼ੁਰਗ ਦਾ ਰੌਲਾ ਕਿਸੇ ਤੱਕ ਨਾ ਪਹੁੰਚ ਸਕਿਆ।
ਲਗਭਗ ਇੱਕ ਘੰਟੇ ਬਾਅਦ ਜਦੋਂ ਮ੍ਰਿਤਕ ਦਾ ਭਤੀਜਾ ਸੁਖਵਿੰਦਰ ਸਿੰਘ ਕਾਕਾ ਉੱਥੋਂ ਲੰਘਿਆ, ਤਾਂ ਉਸ ਨੇ ਰੌਲਾ ਪਾ ਕੇ ਲੋਕਾਂ ਨੂੰ ਇਕੱਠਾ ਕੀਤਾ। ਪਰ ਉਦੋਂ ਤੱਕ ਬਾਰਾ ਸਿੰਘ ਦਮ ਤੋੜ ਚੁੱਕਾ ਸੀ।
ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਬਜ਼ੁਰਗਾਂ ਨੇ ਇਕੱਲੇ ਘਰੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਤਹਿਸੀਲ ਪ੍ਰਧਾਨ ਸੁਖਦੇਵ ਸਿੰਘ ਗੱਗੜਵਾਲ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੂੰ ਪਿਛਲੇ ਦੋ ਸਾਲਾਂ ਤੋਂ ਆਵਾਰਾ ਕੁੱਤਿਆਂ ਦੀ ਸਮੱਸਿਆ ਬਾਰੇ ਸੂਚਿਤ ਕੀਤਾ ਜਾ ਰਿਹਾ ਸੀ, ਪਰ ਕੋਈ ਧਿਆਨ ਨਹੀਂ ਦਿੱਤਾ ਗਿਆ। ਪਿੰਡ ਵਾਸੀਆਂ ਅਤੇ ਪੰਚਾਇਤ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਲਾਕੇ 'ਚ ਕੁੱਤਿਆਂ ਦੀ ਨਸਬੰਦੀ ਕਰਵਾ ਕੇ ਇਸ ਗੰਭੀਰ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
Get all latest content delivered to your email a few times a month.