IMG-LOGO
ਹੋਮ ਪੰਜਾਬ: ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ...

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

Admin User - Aug 15, 2026 08:40 PM
IMG

ਈਸੜੂ, ਖੰਨਾ (ਲੁਧਿਆਣਾ), 15 ਅਗਸਤ:

ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।

ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕੀਤਾ ਹੈ। 300 ਯੂਨਿਟ ਤੱਕ ਮੁਫ਼ਤ ਬਿਜਲੀ ਕਾਰਨ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਸਿੱਖਿਆ ਖੇਤਰ ਵਿੱਚ ਵੱਡੀ ਤਬਦੀਲੀ ਦਾ ਸਬੂਤ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ, ਸੜਕਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏ ਅਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਰੁਜ਼ਗਾਰ ਨਾਲ ਜੋੜ ਰਹੀ ਹੈ। 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਗੁਰੂਆਂ, ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਮਿਲੀ ਕੁਰਬਾਨੀ ਦੀ ਵਿਰਾਸਤ ਪੰਜਾਬੀਆਂ ਨੂੰ ਹਮੇਸ਼ਾ ਮਨੁੱਖਤਾ ਅਤੇ ਸੱਚਾਈ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਮਜ਼ਬੂਤੀ ਦਿੱਤੀ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਸਹੂਲਤ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਇਸੇ ਦਿਸ਼ਾ ਵਿੱਚ ਵੱਡੇ ਕਦਮ ਹਨ। ਉਨ੍ਹਾਂ ਨਸ਼ਿਆਂ ਵਿਰੁੱਧ ਸਰਕਾਰ ਦੀ ਸਖ਼ਤ ਮੁਹਿੰਮ ਦਾ ਵੀ ਜ਼ਿਕਰ ਕੀਤਾ।

ਸੌਂਦ ਨੇ ਦੱਸਿਆ ਕਿ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਖੇਡ ਮੈਦਾਨ, ਆਂਗਣਵਾੜੀ ਸੈਂਟਰ, ਪੇਂਡੂ ਲਾਇਬਰੇਰੀ, ਛੱਪੜਾਂ ਦੀ ਸਫ਼ਾਈ, ਪੰਚਾਇਤ ਘਰ ਅਤੇ ਐਸ.ਸੀ. ਧਰਮਸ਼ਾਲਾ ਸਮੇਤ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਗਰੂਪ ਸਿੰਘ ਸੇਹ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ) ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸਵਾਤੀ ਟਿਵਾਣਾ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ,‌ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.