ਤਾਜਾ ਖਬਰਾਂ
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੇਰ ਰਾਤ ਤੋਂ ਹੀ ਰੁਕ-ਰੁਕ ਕੇ ਤੇਜ਼ ਮੀਂਹ ਪੈ ਰਿਹਾ ਹੈ, ਜਦੋਂ ਕਿ ਆਸਮਾਨ ਵਿੱਚ ਸੰਘਣੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਮੀਂਹ ਅਤੇ ਤੇਜ਼ ਹਵਾਵਾਂ ਨੂੰ ਦੇਖਦਿਆਂ ਪੰਜਾਬ ਅਤੇ ਚੰਡੀਗੜ੍ਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ-ਚਮਕ ਨਾਲ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਫਿਰੋਜ਼ਪੁਰ 35.6 ਡਿਗਰੀ ਸੈਲਸੀਅਸ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ। ਪਿਛਲੇ 24 ਘੰਟਿਆਂ ਵਿੱਚ ਫਤਿਹਗੜ੍ਹ ਸਾਹਿਬ ਵਿੱਚ ਸਭ ਤੋਂ ਵੱਧ 37 ਮਿਲੀਮੀਟਰ ਮੀਂਹ ਪਿਆ।
ਪਟਿਆਲਾ ਦੇ ਰੌਣੀ 'ਚ 20.5 ਮਿਲੀਮੀਟਰ, ਐੱਸ.ਬੀ.ਐੱਸ. ਨਗਰ (ਬੱਲੋਵਾਲ) 'ਚ 13.6 ਮਿਲੀਮੀਟਰ, ਮੋਹਾਲੀ 'ਚ 12 ਮਿਲੀਮੀਟਰ, ਪਟਿਆਲਾ ਸ਼ਹਿਰ 'ਚ 5.5 ਮਿਲੀਮੀਟਰ ਅਤੇ ਚੰਡੀਗੜ੍ਹ 'ਚ 1.5 ਮਿਲੀਮੀਟਰ ਵਰਖਾ ਹੋਈ, ਜਦਕਿ ਅੰਮ੍ਰਿਤਸਰ ਵਿੱਚ ਵੀ ਹਲਕੀ ਬੂੰਦਾ-ਬਾਂਦੀ ਦਰਜ ਕੀਤੀ ਗਈ।
ਮੌਸਮ ਵਿਗਿਆਨੀਆਂ ਅਨੁਸਾਰ 18 ਅਤੇ 19 ਅਗਸਤ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। 19 ਅਗਸਤ ਨੂੰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਅਨੁਮਾਨ ਜਤਾਇਆ ਗਿਆ ਹੈ। ਇਸ ਤੋਂ ਬਾਅਦ 20 ਤੋਂ 23 ਅਗਸਤ ਦਰਮਿਆਨ ਮੌਸਮ ਵਿੱਚ ਸੁਧਾਰ ਹੋਣ ਅਤੇ ਲੋਕਾਂ ਨੂੰ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਹੈ।
Get all latest content delivered to your email a few times a month.