ਤਾਜਾ ਖਬਰਾਂ
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਵੱਡਾ ਸਮਰਥਨ ਮਿਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸੰਘਰਸ਼ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ 21 ਅਗਸਤ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ (Executive Committee) ਦੀ ਮਹੱਤਵਪੂਰਨ ਇਕੱਤਰਤਾ ਦੀ ਤਾਰੀਖ਼ ਬਦਲ ਕੇ 22 ਅਗਸਤ ਕਰ ਦਿੱਤੀ ਹੈ।
ਇੱਕ ਅਧਿਕਾਰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਹਿਲਾਂ 21 ਅਗਸਤ ਨੂੰ ਨਿਰਧਾਰਤ ਕੀਤੀ ਗਈ ਮੀਟਿੰਗ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਲੜੇ ਜਾ ਰਹੇ ਹਰ ਪੰਥਕ ਸੰਘਰਸ਼ ਦਾ ਡਟ ਕੇ ਸਾਥ ਦੇਵੇਗੀ।
ਐਡਵੋਕੇਟ ਧਾਮੀ ਨੇ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਸੰਗਤ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਇਨਸਾਫ਼ ਦੀ ਮੰਗ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦਾ ਵਿਰੋਧ ਕਰਨਾ ਹਰ ਇਨਸਾਫ਼ਪਸੰਦ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਾ ਮੁੱਖ ਦਫ਼ਤਰ ਅਤੇ ਇਸ ਨਾਲ ਸਬੰਧਤ ਸਮੂਹ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ।
Get all latest content delivered to your email a few times a month.