IMG-LOGO
ਹੋਮ ਪੰਜਾਬ, ਰਾਸ਼ਟਰੀ, ਕੋਮੇ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਨੂੰ...

ਕੋਮੇ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਨੂੰ ਲੈ ਕੇ ਵੱਡਾ ਐਲਾਨ

Admin User - Aug 19, 2026 04:38 PM
IMG

ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ 15 ਅਗਸਤ ਨੂੰ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਇਸ ਦੌਰਾਨ ਆਵਾਜਾਈ ਅਤੇ ਬਾਜ਼ਾਰਾਂ ਸਮੇਤ ਕਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨੂੰ ਬੰਦ ਤੋਂ ਬਾਹਰ ਰੱਖਿਆ ਗਿਆ ਹੈ।

ਮੋਰਚੇ ਦੇ ਆਗੂਆਂ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਲੋਕਾਂ ’ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦਾ ਉਦੇਸ਼ ਇਨ੍ਹਾਂ ਕਾਰਵਾਈਆਂ ਅਤੇ ਕਥਿਤ ਝੂਠੇ ਪਰਚਿਆਂ ਦੇ ਵਿਰੋਧ ਦੇ ਨਾਲ-ਨਾਲ ਮੋਰਚੇ ਦੀਆਂ ਮੰਗਾਂ ਨੂੰ ਉਭਾਰਨਾ ਹੈ।

ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ 15 ਅਗਸਤ ਨੂੰ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਇਹ ਬੰਦ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਗਲਤ ਹਨ ਅਤੇ ਕਿਰਪਾਨ ਰੱਖਣਾ ਸਿੱਖਾਂ ਦਾ ਅਧਿਕਾਰ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਇਸ ਮਾਮਲੇ ਵਿੱਚ ਚੁੱਪ ਰਹਿਣ ਦੇ ਦੋਸ਼ ਲਗਾਏ।

ਮੋਰਚੇ ਦੇ ਸੱਦੇ ਮੁਤਾਬਕ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਹੇਠ ਲਿਖੀਆਂ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ:

  • ਸਕੂਲ ਅਤੇ ਕਾਲਜ
  • ਬਾਜ਼ਾਰ ਅਤੇ ਦੁਕਾਨਾਂ
  • ਜਨਤਕ ਟਰਾਂਸਪੋਰਟ
  • ਆਵਾਜਾਈ
  • ਟਰੇਨਾਂ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ

ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਲੋਕਾਂ ਤੋਂ ਜਬਰੀ ਬੰਦ ਨਹੀਂ ਕਰਵਾਇਆ ਜਾਵੇਗਾ। ਟਰੇਨਾਂ ਨੂੰ ਰੋਕਣ ਸਬੰਧੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ, ਹਾਲਾਂਕਿ ਆਗੂਆਂ ਨੇ ਕਿਹਾ ਕਿ ਜੇਕਰ ਟਰੇਨਾਂ ਬੰਦ ਨਾ ਕੀਤੀਆਂ ਗਈਆਂ ਤਾਂ ਉਹ ਰੇਲ ਆਵਾਜਾਈ ਨੂੰ ਰੋਕਣ ਬਾਰੇ ਵੀ ਵਿਚਾਰ ਕਰ ਸਕਦੇ ਹਨ।

ਪੰਜਾਬ ਬੰਦ ਦੌਰਾਨ ਹਸਪਤਾਲ, ਮੈਡੀਕਲ ਸਟੋਰ ਅਤੇ ਹੋਰ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਇਸ ਤੋਂ ਇਲਾਵਾ ਵਿਆਹ ਸਮਾਗਮਾਂ, ਪ੍ਰੀਖਿਆਵਾਂ ਅਤੇ ਏਅਰਪੋਰਟ ਜਾਣ ਵਾਲੇ ਲੋਕਾਂ ਨੂੰ ਵੀ ਛੋਟ ਦੇਣ ਦੀ ਗੱਲ ਕਹੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ। ਇਸ ਦੇ ਚਲਦਿਆਂ 21 ਅਗਸਤ ਨੂੰ ਹੋਣ ਵਾਲੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 22 ਅਗਸਤ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ SGPC ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਰਹੀ ਹੈ ਅਤੇ ਇਸ ਮੰਗ ਲਈ ਕੀਤੇ ਜਾ ਰਹੇ ਸੰਘਰਸ਼ਾਂ ਦਾ ਸਮਰਥਨ ਕਰਦੀ ਹੈ।

ਜ਼ਿਕਰਯੋਗ ਹੈ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਗਵਰਨਰ ਹਾਊਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਵਾਟਰ ਕੈਨਨ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਸੀ। ਇਸੇ ਕਾਰਵਾਈ ਦੇ ਵਿਰੋਧ ਵਿੱਚ ਹੁਣ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.