ਤਾਜਾ ਖਬਰਾਂ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਬੀਤੇ ਦਿਨ ਦਿੱਲੀ ਵਿਖੇ ਹੋਈ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮਹੱਤਵਪੂਰਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਦੀ ਗੈਰ-ਹਾਜ਼ਰੀ ਨੂੰ ਲੈ ਕੇ ਲਗਾਏ ਜਾ ਰਹੇ ਅੰਦਾਜ਼ਿਆਂ ਵਿਚਾਲੇ ਅੱਜ ਉਨ੍ਹਾਂ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਪੰਜਾਬ ਯੂਨੀਵਰਸਿਟੀ ਵਿਖੇ ਆਪਣੀ ਪ੍ਰੀਖਿਆ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਇਸ ਸਮੇਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਲੋਕ ਪ੍ਰਸ਼ਾਸਨ (Public Administration) ਵਿੱਚ ਮਾਸਟਰ ਡਿਗਰੀ ਕਰ ਰਹੇ ਹਨ। ਉਹ ਪਹਿਲਾਂ ਹੀ ਰਾਜਨੀਤੀ ਵਿਗਿਆਨ ਵਿੱਚ ਪੀਐਚ.ਡੀ. (PhD) ਦੀ ਡਿਗਰੀ ਹਾਸਲ ਕਰ ਚੁੱਕੇ ਹਨ ਅਤੇ ਹੁਣ ਪਬਲਿਕ ਪਾਲਿਸੀ ਰਿਫੋਰਮਜ਼ ਦੇ ਖੇਤਰ ਵਿੱਚ ਇੱਕ ਹੋਰ ਪੀਐਚ.ਡੀ. ਕਰਨ ਦੀ ਤਿਆਰੀ ਵਿੱਚ ਹਨ। ਚੰਨੀ ਨੇ CWC ਮੀਟਿੰਗ ਤੋਂ ਪਹਿਲਾਂ ਹੀ ਜ਼ਰੂਰੀ ਪ੍ਰੀਖਿਆ ਦਾ ਹਵਾਲਾ ਦਿੰਦਿਆਂ ਪਾਰਟੀ ਹਾਈਕਮਾਨ ਨੂੰ ਗੈਰ-ਹਾਜ਼ਰੀ ਦੀ ਸੂਚਨਾ ਦੇ ਦਿੱਤੀ ਸੀ।
ਚੰਨੀ ਦੀ ਗੈਰ-ਹਾਜ਼ਰੀ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇਸ ਨੂੰ ਪੰਜਾਬ ਕਾਂਗਰਸ ਦੀ ਅੰਦਰੂਨੀ ਗੁੱਟਬੰਦੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵਿਚਾਲੇ ਤਕਰਾਰ ਅਕਸਰ ਸਾਹਮਣੇ ਆਉਂਦੀ ਰਹੀ ਹੈ। ਦੋਵਾਂ ਆਗੂਆਂ ਦੇ ਸਮਰਥਕਾਂ ਵੱਲੋਂ ਇੱਕ-ਦੂਜੇ ਦੇ ਖਿਲਾਫ਼ ਪੋਸਟਰਬਾਜ਼ੀ ਵੀ ਕੀਤੀ ਗਈ ਸੀ, ਜਿਸ ਵਿੱਚ ਪੰਜਾਬ ਇੰਚਾਰਜ ਭੂਪੇਸ਼ ਬਘੇਲ ਖ਼ਿਲਾਫ਼ ਵੀ ਪੋਸਟਰ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ, ਪ੍ਰੀਖਿਆ ਵਾਲੀ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਚੰਨੀ ਦੀ ਗੈਰ-ਹਾਜ਼ਰੀ ਦੀ ਵਜ੍ਹਾ ਹੁਣ ਪੂਰੀ ਤਰ੍ਹਾਂ ਸਾਫ਼ ਹੋ ਗਈ ਹੈ।
Get all latest content delivered to your email a few times a month.