ਤਾਜਾ ਖਬਰਾਂ
ਮਹਿੰਗਾਈ ਭੱਤੇ (DA) ਦੇ ਬਕਾਏ ਜਾਰੀ ਕਰਨ ਸਬੰਧੀ ਅਦਾਲਤੀ ਹੁਕਮਾਂ ਦੀ ਤਾਮੀਲ ਨਾ ਕਰਨ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਸਖ਼ਤ ਰੁੱਖ ਅਪਣਾਇਆ ਹੈ। ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ, ਵਿੱਤ ਸਕੱਤਰ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ-ਕਮ-ਐੱਮ.ਡੀ. ਨੂੰ ਅਦਾਲਤ ਦੀ ਮਾਣਹਾਨੀ ਦੇ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ 3 ਅਗਸਤ ਨੂੰ ਇੱਕ ਫੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ. ਦਾ ਰੁਕਿਆ ਬਕਾਇਆ 15 ਦਿਨਾਂ ਦੇ ਅੰਦਰ-ਅੰਦਰ ਅਦਾ ਕੀਤਾ ਜਾਵੇ। ਹਾਲਾਂਕਿ, ਨਿਰਧਾਰਤ ਸਮਾਂ ਸੀਮਾ ਲੰਘ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ 'ਤੇ ਪੀੜਤ ਧਿਰਾਂ ਵੱਲੋਂ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ।
ਪਟੀਸ਼ਨਰਾਂ ਨੇ ਅਦਾਲਤ ਵਿੱਚ ਵਿੱਤ ਵਿਭਾਗ ਦੇ ਅੰਡਰ ਸੈਕਟਰੀ ਵੱਲੋਂ ਜਾਰੀ ਹਾਲੀਆ ਪੱਤਰ ਦਾ ਹਵਾਲਾ ਦਿੱਤਾ, ਜਿਸ ਵਿੱਚ ਸਾਰੇ ਵਿਭਾਗੀ ਮੁਖੀਆਂ ਨੂੰ ਵਿੱਤ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਫੰਡ ਜਾਰੀ ਨਾ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁਲਾਜ਼ਮਾਂ ਅਨੁਸਾਰ ਸਰਕਾਰ ਦਾ ਇਹ ਕਦਮ ਅਦਾਲਤੀ ਆਦੇਸ਼ਾਂ ਦੀ ਸਿੱਧੀ ਉਲੰਘਣਾ ਹੈ।
ਅਦਾਲਤ ਨੇ ਪੂਰੇ ਮਾਮਲੇ ਦੀ ਸੁਣਵਾਈ ਕਰਨ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਦਿਆਂ ਅਗਲੀ ਸੁਣਵਾਈ 27 ਅਕਤੂਬਰ ਲਈ ਮੁਲਤਵੀ ਕਰ ਦਿੱਤੀ ਹੈ।
Get all latest content delivered to your email a few times a month.