ਤਾਜਾ ਖਬਰਾਂ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ 'ਤੇ ਲੱਗੇ ਸੰਗੀਨ ਦੋਸ਼ਾਂ ਦਾ ਗੰਭੀਰ ਨੋਟਿਸ ਲਿਆ ਹੈ। ਸ਼ਿਕਾਇਤ ਅਨੁਸਾਰ ਅੰਮ੍ਰਿਤਸਰ ਨਾਲ ਸਬੰਧਤ ਇੱਕ ਬਲਾਤਕਾਰ ਦੇ ਮਾਮਲੇ ਨੂੰ ਦਬਾਉਣ ਅਤੇ ਪੁਲਿਸ ਕਾਰਵਾਈ ਨਾ ਕਰਨ ਬਦਲੇ 5 ਕਰੋੜ ਰੁਪਏ ਮੰਗਣ ਦੇ ਇਲਜ਼ਾਮ ਲਗਾਏ ਗਏ ਹਨ। ਕਮਿਸ਼ਨ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ ਮਾਮਲੇ ਦੀ ਜਾਂਚ ਕਰਕੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (Action Taken Report) ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਮਾਨਵ ਅਧਿਕਾਰ ਸੰਗਠਨ ਪੰਜਾਬ ਦੇ ਮੁਖੀ ਅਤੇ ਸਾਬਕਾ ਜਸਟਿਸ ਰਣਜੀਤ ਸਿੰਘ ਵੱਲੋਂ ਇਸ ਮਾਮਲੇ ਨੂੰ ਉਜਾਗਰ ਕੀਤਾ ਗਿਆ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਅੰਮ੍ਰਿਤਸਰ 'ਚ ਵਾਪਰੀ ਜ਼ਬਰਦਸਤੀ ਦੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਪੀੜਤ ਪਰਿਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਰਿਟ ਪਟੀਸ਼ਨ ਦਾਖ਼ਲ ਕਰਨੀ ਪਈ। ਇਸੇ ਪਟੀਸ਼ਨ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਸੀ।
ਪ੍ਰਿਯਾਂਕ ਕਾਨੂੰਨਗੋ ਦੀ ਅਗਵਾਈ ਵਾਲੇ NHRC ਬੈਂਚ ਨੇ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਵਿਭਾਗ ਨੂੰ ਵੀ ਪੱਤਰ ਭੇਜ ਦਿੱਤਾ ਹੈ। ਕਮਿਸ਼ਨ ਅਨੁਸਾਰ ਸੂਬਾ ਸਰਕਾਰ ਤੋਂ ਆਉਣ ਵਾਲੀ ਰਿਪੋਰਟ ਦੇ ਆਧਾਰ 'ਤੇ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਨ.ਐੱਚ.ਆਰ.ਸੀ. ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਜ਼ਾਦੀ ਦਿਹਾੜੇ ਦੀ ਪਾਲਣਾ ਨਾ ਕਰਨ ਦੇ ਮੁੱਦੇ 'ਤੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਜਾ ਚੁੱਕਾ ਹੈ।
Get all latest content delivered to your email a few times a month.