ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੇ ਗਏ 'ਮੀਰੀ ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ 23 ਅਗਸਤ ਨੂੰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪੂਰੇ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਸਵੇਰੇ 8 ਵਜੇ ਰਵਾਨਾ ਹੋਣ ਵਾਲੇ ਇਸ ਮਾਰਚ ਲਈ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਗਈਆਂ ਹਨ।
ਇਸ ਖਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸਿੱਖ ਸੰਸਥਾਵਾਂ ਦੇ ਪ੍ਰਤੀਨਿਧ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਸ਼ਿਰਕਤ ਕਰਨਗੇ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਇਸ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਰਚ ਦਾ ਮੁੱਖ ਉਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਿਤ ਹੁੰਦਿਆਂ ਨੌਜਵਾਨੀ ਨੂੰ ਨਸ਼ਿਆਂ ਤੇ ਕੁਰਾਹੇ ਤੋਂ ਮੋੜ ਕੇ ਅਮੀਰ ਗੁਰਮਤਿ ਵਿਰਸੇ ਅਤੇ ਬਾਣੀ-ਬਾਣੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ਕੌਮੀ ਏਕਤਾ ਅਤੇ ਚੜ੍ਹਦੀ ਕਲਾ ਦਾ ਸੁਨੇਹਾ ਘਰ-ਘਰ ਪਹੁੰਚਾਉਣ 'ਚ ਅਹਿਮ ਮੀਲ ਪੱਥਰ ਸਾਬਤ ਹੋਵੇਗਾ।
Get all latest content delivered to your email a few times a month.