IMG-LOGO
ਹੋਮ ਪੰਜਾਬ: ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ...

ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਿਖੇਧੀ

Admin User - Aug 22, 2026 04:12 PM
IMG

ਅੰਮ੍ਰਿਤਸਰ/ਚੰਡੀਗੜ੍ਹ 22 ਅਗਸਤ-

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ।

ਸ਼ਨਿੱਚਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ, ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ? ਉਨ੍ਹਾਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮੰਗ ਕੀਤੀ ਕਿ ਇਸ ਬਿਆਨ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੀਪੇਂਦਰ ਹੁੱਡਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਉਨ੍ਹਾਂ ਪੰਜਾਬ ਕਾਂਗਰਸ ਦੇ ਨੇਤਾਵਾਂ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਵੱਡੇ ਨੇਤਾਵਾਂ ਦੀ ਚੁੱਪੀ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਦੀਪੇਂਦਰ ਹੁੱਡਾ ਨਾਲ ਬੈਠਣ ਵਾਲੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਅਤੇ ਡਾ. ਅਮਰ ਸਿੰਘ ਵਰਗੇ ਨੇਤਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਬਿਆਨ ਨਾਲ ਸਹਿਮਤ ਹਨ ਜਾਂ ਨਹੀਂ।

ਧਾਲੀਵਾਲ ਨੇ ਕਿਹਾ ਕਿ ਜੋ ਨੇਤਾ ਪੰਜਾਬ ਅਤੇ ਸਿੱਖਾਂ ਦੇ ਮੁੱਦਿਆਂ 'ਤੇ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ, ਇਸ ਮੁੱਦੇ 'ਤੇ ਚੁੱਪੀ ਉਨ੍ਹਾਂ ਦੇ ਦੋਹਰੇ ਮਾਪਦੰਡਾਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਸਿੱਖਾਂ ਨਾਲ ਖੜ੍ਹੇ ਹੋਣ ਦੀ ਇਜਾਜ਼ਤ ਦਿੰਦੀ ਹੈ, ਤਾਂ ਉਹ ਖੁੱਲ੍ਹ ਕੇ ਦੀਪੇਂਦਰ ਹੁੱਡਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਸਥਿਤੀ ਸਪੱਸ਼ਟ ਕਰੇ ਅਤੇ ਪੰਜਾਬ ਦੀ ਜਨਤਾ ਨੂੰ ਦੱਸੇ ਕਿ ਉਹ 1984 ਦੇ ਪੀੜਤ ਸਿੱਖ ਪਰਿਵਾਰਾਂ ਨਾਲ ਖੜ੍ਹੀ ਹੈ ਜਾਂ ਅਜਿਹੇ ਬਿਆਨ ਦੇਣ ਵਾਲੇ ਨੇਤਾਵਾਂ ਨਾਲ।

ਧਾਲੀਵਾਲ ਨੇ ਕਿਹਾ ਕਿ ਸਿੱਖ ਭਾਈਚਾਰਾ ਆਪ੍ਰੇਸ਼ਨ ਬਲੂ ਸਟਾਰ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਹਮਲੇ ਅਤੇ 1984 ਵਿੱਚ ਦਿੱਲੀ, ਕਾਨਪੁਰ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਹੋਏ ਸਿੱਖ ਵਿਰੋਧੀ ਹਿੰਸਕ ਘਟਨਾਕ੍ਰਮ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਨੇਤਾਵਾਂ ਵੱਲੋਂ ਵਾਰ-ਵਾਰ ਅਜਿਹੇ ਬਿਆਨ ਦਿੱਤੇ ਜਾਣਾ ਸਿੱਖ ਭਾਈਚਾਰੇ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਂਗ ਹੈ।

ਧਾਲੀਵਾਲ ਨੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਅਤੇ ਅੰਮ੍ਰਿਤਸਰ ਦੌਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਪੰਜਾਬ ਦੀ ਧਰਤੀ 'ਤੇ ਆਉਣ ਤੋਂ ਪਹਿਲਾਂ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਅਤੇ ਸਿੱਖ ਵੋਟਰਾਂ ਤੋਂ ਕਿਸ ਮੂੰਹ ਨਾਲ ਵੋਟਾਂ ਮੰਗਣਗੇ, ਜਦੋਂ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਨੇਤਾ 1984 ਦੀ ਸਿੱਖ ਵਿਰੋਧੀ ਹਿੰਸਾ ਨਾਲ ਜੁੜੇ ਵਿਅਕਤੀ ਨੂੰ ਆਪਣਾ ਆਦਰਸ਼ ਦੱਸਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਦੀਪੇਂਦਰ ਹੁੱਡਾ ਦੇ ਬਿਆਨ 'ਤੇ ਕਾਰਵਾਈ ਹੋਵੇ, ਉਸ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਪੰਜਾਬ ਦੀ ਜਨਤਾ ਦੇ ਸਾਹਮਣੇ ਆਵੇ ਅਤੇ ਆਪਣਾ ਪੱਖ ਸਪੱਸ਼ਟ ਕਰੇ।

ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਕੇ ਦਿੱਤੇ ਬਿਆਨਾਂ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ ਕਈ ਸਾਲਾਂ ਤੋਂ ਰਾਸ਼ਟਰੀ ਪਾਰਟੀਆਂ 'ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਾ ਰਿਹਾ ਹੈ ਅਤੇ ਇਹ ਦਾਅਵਾ ਕਰਦਾ ਰਿਹਾ ਹੈ ਕਿ ਉਹ ਕਿਸੇ ਦਿੱਲੀ ਅਧਾਰਤ ਰਾਸ਼ਟਰੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗਾ। ਹੁਣ ਜੇਕਰ ਭਾਜਪਾ ਨਾਲ ਗੱਠਜੋੜ ਦੀ ਗੱਲ ਹੋ ਰਹੀ ਹੈ, ਤਾਂ ਅਕਾਲੀ ਲੀਡਰਸ਼ਿਪ ਨੂੰ ਪੰਜਾਬ ਦੀ ਜਨਤਾ ਸਾਹਮਣੇ ਇਸ ਦੇ ਆਧਾਰ ਅਤੇ ਕਾਰਨ ਸਪੱਸ਼ਟ ਕਰਨੇ ਚਾਹੀਦੇ ਹਨ।

ਉਨ੍ਹਾਂ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ My Country, My Life ਵਿੱਚ ਆਪ੍ਰੇਸ਼ਨ ਬਲੂ ਸਟਾਰ ਬਾਰੇ ਕੀਤੇ ਹਵਾਲਿਆਂ ਦਾ ਜ਼ਿਕਰ ਕਰਦਿਆਂ ਅਕਾਲੀ ਲੀਡਰਸ਼ਿਪ ਤੋਂ ਪੁੱਛਿਆ ਕਿ ਉਹ ਭਾਜਪਾ ਨਾਲ ਗੱਠਜੋੜ ਕਰਦੇ ਸਮੇਂ ਇਸ ਸਿਆਸੀ ਅਤੇ ਇਤਿਹਾਸਕ ਵਿਰਾਸਤ 'ਤੇ ਪੰਜਾਬ ਨੂੰ ਕੀ ਜਵਾਬ ਦੇਵੇਗੀ।

ਧਾਲੀਵਾਲ ਨੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਦੀ ਭੂਮਿਕਾ ਨੂੰ ਲੈ ਕੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸਮੇਂ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵਿੱਚ ਮੰਤਰੀ ਸਨ ਅਤੇ ਬਾਅਦ ਵਿੱਚ ਕਿਸਾਨਾਂ ਦੇ ਦਬਾਅ ਹੇਠ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਪੁੱਛਿਆ ਕਿ ਅੱਜ ਜੇਕਰ ਅਕਾਲੀ ਦਲ ਫਿਰ ਭਾਜਪਾ ਨਾਲ ਖੜ੍ਹਾ ਹੁੰਦਾ ਹੈ ਤਾਂ ਉਹ ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਕੀ ਜਵਾਬ ਦੇਵੇਗਾ?

ਧਾਲੀਵਾਲ ਨੇ ਕੇਂਦਰ ਦੀ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਪ੍ਰਣਾਲੀ ਨੂੰ ਲੈ ਕੇ ਵੀ ਅਕਾਲੀ ਲੀਡਰਸ਼ਿਪ ਤੋਂ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਕਿਸੇ ਵੀ ਅੰਤਰਰਾਸ਼ਟਰੀ ਵਪਾਰ ਸਮਝੌਤੇ 'ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਆਪਣੀ ਸਪੱਸ਼ਟ ਨੀਤੀ ਜਨਤਾ ਸਾਹਮਣੇ ਰੱਖਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਅਜਿਹੀਆਂ ਨੀਤੀਆਂ ਖੇਤੀ ਖੇਤਰ ਅਤੇ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੁੰਦੀਆਂ ਹਨ, ਤਾਂ ਅਕਾਲੀ ਦਲ ਨੂੰ ਭਾਜਪਾ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਸਿਆਸੀ ਗੱਠਜੋੜਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ।

ਧਾਲੀਵਾਲ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਚਾਹੇ ਜਿੰਨੇ ਵੀ ਸਿਆਸੀ ਗੱਠਜੋੜ ਕਰ ਲੈਣ, ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ 'ਤੇ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੇ ਪੁਰਾਣੇ ਗੱਠਜੋੜਾਂ ਅਤੇ ਸੱਤਾ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਆਪਣੇ ਹਿੱਤਾਂ ਦੇ ਆਧਾਰ 'ਤੇ ਫ਼ੈਸਲਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਜਨਹਿਤ ਪਹਿਲਕਦਮੀਆਂ ਕਾਰਨ ਵਿਰੋਧੀ ਧਿਰਾਂ ਦੇ ਕਿਸੇ ਵੀ ਗੱਠਜੋੜ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.