ਤਾਜਾ ਖਬਰਾਂ
ਮੀਟਿੰਗ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਯਾਦ ਵਿੱਚ ਯਾਦਗਾਰੀ ਅਸਥਾਨ ਬਣਾਉਣ ਨੂੰ ਸਿਧਾਂਤਕ ਮਨਜ਼ੂਰੀ ਦਿੱਤੀ ਗਈ। ਇਹ ਯਾਦਗਾਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਦੋਵੇਂ ਪਾਸੇ ਬਣਾਉਣ ਦੀ ਯੋਜਨਾ ਹੈ।
ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 29 ਅਗਸਤ ਨੂੰ ਭੋਗ ਪਾ ਕੇ ਸਮੂਹਿਕ ਅਰਦਾਸ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਅਧੀਨ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿੱਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ।
ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਬਜ਼ੁਰਗ ਮਾਤਾ ਗੰਭੀਰ ਬਿਮਾਰ ਹਨ ਅਤੇ ਉਨ੍ਹਾਂ ਨੂੰ ਮਿਲਣ ਲਈ ਪੈਰੋਲ ਦੇ ਮਾਮਲੇ ਵਿੱਚ ਸਰਕਾਰ ਦਾ ਰੁਖ ਨਿਰਾਸ਼ਾਜਨਕ ਹੈ। ਉਨ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ’ਤੇ ਵੀ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁੱਕੇ।
ਇਸ ਤੋਂ ਇਲਾਵਾ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਖੇ ਯਾਦਗਾਰ ਬਣਾਉਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ। ਇਸ ਲਈ ਜਲਦ ਹੀ ਢੁੱਕਵੀਂ ਜਗ੍ਹਾ ਦੀ ਚੋਣ ਕਰਕੇ ਕੰਮ ਸ਼ੁਰੂ ਕਰਨ ਦੀ ਗੱਲ ਕਹੀ ਗਈ।
ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਰਹੇ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਨਿੰਦਾ ਕੀਤੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਅਤੇ ਕੈਨੇਡਾ ਦੇ ਐਡਮਨਟਨ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੇਵਾਦਾਰਾਂ ’ਤੇ ਹੋਏ ਹਮਲੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਮੀਟਿੰਗ ਦੌਰਾਨ ਮੀਰੀ ਪੀਰੀ ਮੈਡੀਕਲ ਕਾਲਜ, ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ, ਟਰੱਸਟਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਦਫ਼ਤਰੀ ਕਾਰਜਾਂ ਨਾਲ ਸਬੰਧਤ ਕਈ ਪ੍ਰਵਾਨਗੀਆਂ ਦਿੱਤੀਆਂ ਗਈਆਂ। ਮੀਟਿੰਗ ਦੇ ਅੰਤ ਵਿੱਚ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਹੋਰ ਸਿੱਖ ਸ਼ਖ਼ਸੀਅਤਾਂ ਦੀ ਯਾਦ ਵਿੱਚ ਅਰਦਾਸ ਵੀ ਕੀਤੀ ਗਈ।
Get all latest content delivered to your email a few times a month.