ਤਾਜਾ ਖਬਰਾਂ
ਖਰੜ ਦੇ ਸਰਕਾਰੀ ਸਕੂਲ ਦੇ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਚਰਚਿਤ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਖਰੜ ਪੁਲਿਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਸਰਤਾਜ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕੈਨੇਡਾ ਫ਼ਰਾਰ ਹੋਣ ਦੀ ਤਿਆਰੀ ਕਰ ਰਿਹਾ ਸੀ। ਪੁਲਿਸ ਵੱਲੋਂ ਜਾਰੀ ਲੁੱਕ ਆਊਟ ਨੋਟਿਸ (LOC) ਦੇ ਆਧਾਰ 'ਤੇ ਏਅਰਪੋਰਟ ਅਥਾਰਟੀ ਨੇ ਉਸ ਨੂੰ ਹਿਰਾਸਤ 'ਚ ਲਿਆ, ਜਿਸ ਤੋਂ ਬਾਅਦ ਪੁਲਿਸ ਟੀਮ ਸ਼ਨੀਵਾਰ ਤੜਕੇ ਉਸ ਨੂੰ ਪੰਜਾਬ ਲੈ ਆਈ।
ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਸਰਤਾਜ ਨੇ ਦਾਅਵਾ ਕੀਤਾ ਕਿ ਹੈੱਡਮਾਸਟਰ ਗੁਰਸੇਵਕ ਸਿੰਘ ਉਸ ਦੀ ਪਤਨੀ ਨੂੰ ਪਰੇਸ਼ਾਨ ਕਰਦਾ ਸੀ। ਇਸੇ ਰੰਜਿਸ਼ ਤਹਿਤ ਉਹ ਗੁਰਸੇਵਕ ਨਾਲ ਗੱਲਬਾਤ ਕਰਨ ਗਿਆ ਸੀ, ਜਿੱਥੇ ਝਗੜਾ ਵਧਣ 'ਤੇ ਹੋਈ ਹਾਥਾਪਾਈ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਾਲਾਂਕਿ ਮੁਲਜ਼ਮ ਨੇ ਜਾਨੋਂ ਮਾਰਨ ਦੀ ਨੀਅਤ ਤੋਂ ਸਾਫ਼ ਇਨਕਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ 5 ਅਗਸਤ ਨੂੰ ਸੰਨੀ ਐਨਕਲੇਵ ਵਿਖੇ ਗੁਰਸੇਵਕ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰੋਡਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਗੁਰਸੇਵਕ ਸਿੰਘ ਨੇ 8 ਅਗਸਤ ਨੂੰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਸੀ। ਖਰੜ ਪੁਲਿਸ ਮੁਤਾਬਕ ਰਿਮਾਂਡ ਦੌਰਾਨ ਵਾਰਦਾਤ 'ਚ ਵਰਤੇ ਗਏ ਹਥਿਆਰਾਂ, ਕਤਲ ਦੇ ਅਸਲ ਕਾਰਨਾਂ ਅਤੇ ਇਸ ਸ਼ਾਜ਼ਿਸ਼ 'ਚ ਸ਼ਾਮਲ ਹੋਰਾਂ ਲੋਕਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Get all latest content delivered to your email a few times a month.