IMG-LOGO
ਹੋਮ ਪੰਜਾਬ: ਡਾ. ਰਜਿੰਦਰ ਬਾਂਸਲ ਨੇ ਸੰਭਾਲਿਆ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ...

ਡਾ. ਰਜਿੰਦਰ ਬਾਂਸਲ ਨੇ ਸੰਭਾਲਿਆ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦਾ ਅਹੁਦਾ, ਬੋਲੇ-‘ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕਰਾਂਗੇ ਕੰਮ’

Admin User - Aug 24, 2026 05:43 PM
IMG

ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਡਾ. ਰਜਿੰਦਰ ਕੁਮਾਰ ਬਾਂਸਲ ਨੇ ਸੋਮਵਾਰ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਧਿਕਾਰਤ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੀ ਨਿਯੁਕਤੀ ਸਬੰਧੀ ਅਧਿਸੂਚਨਾ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ ਸੀ।

ਅਹੁਦਾ ਸੰਭਾਲਣ ਲਈ ਯੂਨੀਵਰਸਿਟੀ ਕੈਂਪਸ ਪਹੁੰਚੇ ਡਾ. ਬਾਂਸਲ ਦਾ ਅਧਿਕਾਰੀਆਂ, ਕਰਮਚਾਰੀਆਂ, ਮੈਡੀਕਲ ਕਾਲਜ ਅਤੇ ਹਸਪਤਾਲ ਨਾਲ ਜੁੜੇ ਨੁਮਾਇੰਦਿਆਂ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਨਾਲ ਜੁੜੇ ਕਈ ਅਧਿਕਾਰੀ ਅਤੇ ਹੋਰ ਪ੍ਰਮੁੱਖ ਵਿਅਕਤੀ ਵੀ ਮੌਜੂਦ ਰਹੇ।

ਅਹੁਦਾ ਸੰਭਾਲਣ ਉਪਰੰਤ ਡਾ. ਰਜਿੰਦਰ ਕੁਮਾਰ ਬਾਂਸਲ ਨੇ ਆਪਣੀ ਨਿਯੁਕਤੀ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਪਾਵਨ ਧਰਤੀ ’ਤੇ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।

ਡਾ. ਬਾਂਸਲ ਨੇ ਕਿਹਾ ਕਿ ਉਹ ਵਾਈਸ ਚਾਂਸਲਰ ਵਜੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਦਾ ਮੁੱਖ ਉਦੇਸ਼ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਨਾਲ ਸਬੰਧਤ ਮੈਡੀਕਲ ਕਾਲਜਾਂ, ਹਸਪਤਾਲਾਂ ਅਤੇ ਹੋਰ ਸੰਸਥਾਵਾਂ ਦੀ ਕਾਰਗੁਜ਼ਾਰੀ ਅਤੇ ਸਹੂਲਤਾਂ ਵਿੱਚ ਸੁਧਾਰ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਕੰਮ ਕਰਨ ਅਤੇ ਸਿੱਖਿਆ ਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਯੂਨੀਵਰਸਿਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਪ੍ਰਗਟਾਇਆ।

ਨਵੇਂ ਵੀਸੀ ਦੇ ਅਹੁਦਾ ਸੰਭਾਲਣ ਨਾਲ ਯੂਨੀਵਰਸਿਟੀ ਨਾਲ ਜੁੜੇ ਵਰਗਾਂ ਵਿੱਚ ਵੀ ਨਵੀਆਂ ਉਮੀਦਾਂ ਪੈਦਾ ਹੋਈਆਂ ਹਨ। ਹੁਣ ਡਾ. ਬਾਂਸਲ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਅਕਾਦਮਿਕ, ਪ੍ਰਸ਼ਾਸਨਿਕ ਅਤੇ ਸਿਹਤ ਸੇਵਾਵਾਂ ਨਾਲ ਸਬੰਧਤ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਮਜ਼ਬੂਤ ਬਣਾਉਣ ’ਤੇ ਧਿਆਨ ਕੇਂਦਰਿਤ ਕੀਤੇ ਜਾਣ ਦੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.