IMG-LOGO
ਹੋਮ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੀ ਗੱਲਬਾਤ; ਵਿਭਾਗਾਂ ਨੂੰ ਮੰਗਾਂ ਦੇ ਹੱਲ ਦੇ ਦਿੱਤੇ ਨਿਰਦੇਸ਼

Admin User - Aug 24, 2026 08:48 PM
IMG

​ਚੰਡੀਗੜ੍ਹ, 24 ਅਗਸਤ-

​ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨਾਲ-ਨਾਲ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ।

​ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਵਿਭਾਗੀ ਪੱਧਰ 'ਤੇ ਹੱਲ ਹੋਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਦੇਣਦਾਰੀਆਂ ਨਾਲ ਸਬੰਧਤ ਮੰਗਾਂ ਦੇ ਤੁਰੰਤ ਤੇ ਢੁਕਵੇਂ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਬੁਲਾਉਣ ਦੀ ਹਦਾਇਤ ਕੀਤੀ।

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰ ਵਿੱਚ ਦਰਜ ਮੁੱਦੇ ਪਹਿਲਾਂ ਹੀ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਦਾ ਢੁਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।


ਵੱਖ-ਵੱਖ ਮੀਟਿੰਗਾਂ ਦੀ ਲੜੀ ਦੌਰਾਨ ਵਿੱਤ ਮੰਤਰੀ ਨੇ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।

ਇਨ੍ਹਾਂ ਮੀਟਿੰਗਾਂ ਵਿੱਚ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਿਆ ਸ਼ਰਮਾ, ਜਗਰੂਪ ਕੌਰ ਅਤੇ ਕੁਲਵੰਤ ਕੌਰ; ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ ਘਲੋਟੀ, ਗੁਰਚਰਨ ਸਿੰਘ, ਚੰਦਰ ਸ਼ੇਖਰ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ ਅਤੇ ਅਮਨਦੀਪ ਕੁਮਾਰ; ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ ਅਤੇ ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਮ ਪ੍ਰਤਾਪ, ਸੰਦੀਪ ਸਿੰਘ ਅਤੇ ਅਮਨਦੀਪ ਕੌਰ; 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ; ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਸੂਬੇਦਾਰ ਨਿਰਮਲ ਸਿੰਘ ਅਤੇ ਦਰਸ਼ਨ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਨੁਮਾਇੰਦਗੀ ਕਰਦਿਆਂ ਦਰਸ਼ਨ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਨਾਹਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਸ਼ਰਮਾ ਅਤੇ ਦੇਵ ਰਾਜ ਨੇ ਸ਼ਮੂਲੀਅਤ ਕੀਤੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.