ਤਾਜਾ ਖਬਰਾਂ
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਕਤਲ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਵੱਡੀ ਰਾਹਤ ਦਿੱਤੀ ਗਈ ਹੈ। ਜੇਲ੍ਹ ਵਿਭਾਗ ਨੇ ਉਸ ਨੂੰ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਹੈ। ਸਾਲ 2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ 17ਵਾਂ ਮੌਕਾ ਹੈ, ਜਦੋਂ ਰਾਮ ਰਹੀਮ ਪੈਰੋਲ ਜਾਂ ਫਰਲੋ ਰਾਹੀਂ ਜੇਲ੍ਹ ਤੋਂ ਬਾਹਰ ਆ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਲਗਭਗ 6 ਵਜੇ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਘੇਰੇ ਹੇਠ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਪਹਿਲਾਂ ਦਿੱਤੀਆਂ ਪੈਰੋਲਾਂ ਦੌਰਾਨ ਉਸ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਵਾ ਆਸ਼ਰਮ ਭੇਜਿਆ ਜਾਂਦਾ ਸੀ, ਪਰ ਇਸ ਵਾਰ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਵਿਖੇ ਹੀ ਠਹਿਰੇਗਾ। ਇਸ ਤੋਂ ਪਹਿਲਾਂ ਮਈ ਮਹੀਨੇ ਵਿੱਚ ਵੀ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ।
ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 2017 ਵਿੱਚ ਰਾਮ ਰਹੀਮ ਨੂੰ ਦੋ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ 10-10 ਸਾਲ (ਕੁੱਲ 20 ਸਾਲ) ਦੀ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਦੋਵੇਂ ਸਜ਼ਾਵਾਂ ਇੱਕ ਤੋਂ ਬਾਅਦ ਇੱਕ ਚੱਲਣਗੀਆਂ। ਇਸ ਤੋਂ ਇਲਾਵਾ ਉਹ ਡੇਰਾ ਮੈਨੇਜਰ ਰਣਜੀਤ ਸਿੰਘ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕਾਂਡ ਵਿੱਚ ਵੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਉਸ ਦੀ ਵਾਰ-ਵਾਰ ਹੁੰਦੀ ਰਿਹਾਈ ਨੂੰ ਲੈ ਕੇ ਕਾਨੂੰਨੀ ਅਤੇ ਸਿਆਸੀ ਹਲਕਿਆਂ ਵਿੱਚ ਲਗਾਤਾਰ ਚਰਚਾ ਬਣੀ ਹੋਈ ਹੈ।
Get all latest content delivered to your email a few times a month.