ਤਾਜਾ ਖਬਰਾਂ
ਪਾਕਿਸਤਾਨ ਦੀ ਰਾਜਧਾਨੀ ਦੇ ਸਭ ਤੋਂ ਵੱਡੇ ਸਰਕਾਰੀ ਚਿਕਿਤਸਾ ਕੇਂਦਰ, ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (PIMS) ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੁੱਧਵਾਰ ਤੜਕੇ ਹਸਪਤਾਲ ਦੇ ਮਹਿਲਾ ਤੇ ਬਾਲ ਸਿਹਤ ਵਿਭਾਗ ਵਿੱਚ ਲੱਗੀ ਭਿਆਨਕ ਅੱਗ ਕਾਰਨ 15 ਮਾਸੂਮ ਨਵਜੰਮੇ ਬੱਚਿਆਂ ਦੀ ਜਾਨ ਚਲੀ ਗਈ।
ਮੀਡੀਆ ਰਿਪੋਰਟਾਂ ਅਨੁਸਾਰ ਇਹ ਹਾਦਸਾ ਸਵੇਰੇ ਲਗਭਗ 6:45 ਵਜੇ ਉਸ ਸਮੇਂ ਵਾਪਰਿਆ ਜਦੋਂ ਤੀਜੀ ਮੰਜ਼ਿਲ 'ਤੇ ਸਥਿਤ ਨਰਸਰੀ ਵਾਰਡ ਵਿੱਚ ਲੱਗੇ ਏਸੀ (AC) ਦਾ ਕੰਪ੍ਰੈਸਰ ਧਮਾਕੇ ਨਾਲ ਫਟ ਗਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਅੰਦਰ ਮੌਜੂਦ 16 ਬੱਚਿਆਂ ਵਿੱਚੋਂ 14 ਦੀਆਂ ਦੇਹਾਂ ਪੂਰੀ ਤਰ੍ਹਾਂ ਝੁਲਸ ਗਈਆਂ। ਬਚਾਅ ਦਲ ਨੇ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਵਾਰਡ ਅੰਦਰ ਪ੍ਰਵੇਸ਼ ਕੀਤਾ, ਪਰ ਭਾਰੀ ਧੂੰਏਂ ਅਤੇ ਅੱਗ ਦੀਆਂ ਲਾਟਾਂ ਕਾਰਨ ਸਿਰਫ਼ ਇੱਕ ਹੀ ਬੱਚੇ ਨੂੰ ਜ਼ਿੰਦਾ ਬਾਹਰ ਕੱਢਿਆ ਜਾ ਸਕਿਆ। 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ 4 ਐਂਬੂਲੈਂਸਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਅਤੇ ਵਾਰਡ 'ਚੋਂ 19 ਹੋਰ ਲੋਕਾਂ ਨੂੰ ਵੀ ਸੁਰੱਖਿਅਤ ਬਚਾਇਆ।
ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਦੁਖਦਾਈ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਐਡੀਸ਼ਨਲ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਨੂੰ 24 ਘੰਟਿਆਂ ਦੇ ਅੰਦਰ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਹਸਪਤਾਲ ਦੀਆਂ ਸੁਰੱਖਿਆ ਖਾਮੀਆਂ 'ਤੇ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਫਿਲਹਾਲ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਪ੍ਰਭਾਵਿਤ ਹਿੱਸੇ ਨੂੰ ਠੰਡਾ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
Get all latest content delivered to your email a few times a month.