IMG-LOGO
ਹੋਮ ਪੰਜਾਬ: ਤਾਕਤ ਦੇ ਨਸ਼ੇ ’ਚ ਪੰਥਕ ਰਵਾਇਤਾਂ ਨੂੰ ਚੁਣੌਤੀ ਦੇਣ ਵਾਲਿਆਂ...

ਤਾਕਤ ਦੇ ਨਸ਼ੇ ’ਚ ਪੰਥਕ ਰਵਾਇਤਾਂ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਨਹੀਂ ਕਰੇਗੀ ਪ੍ਰਵਾਨ : ਗਿਆਨੀ ਕੁਲਦੀਪ ਸਿੰਘ ਗੜਗੱਜ

Admin User - Aug 26, 2026 04:22 PM
IMG

ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ ਨਾਲ ਜੋੜਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਸਮਾਜਿਕ ਬੁਰਾਈਆਂ, ਖ਼ਾਸ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਜਾਰੀ ਮੀਰੀ-ਪੀਰੀ ਖ਼ਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ, ਰਾਏਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ, ਲੌਂਗੋਵਾਲ ਲਈ ਰਵਾਨਾ ਹੋਇਆ। ਮਾਰਚ ਦੀ ਰਵਾਨਗੀ ਮੌਕੇ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਰਹੀ।

ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਹਸਤੀਆਂ ਮੌਜੂਦ ਸਨ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਦੌਰਾਨ ਗਿਆਨੀ ਅਮਰਜੀਤ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤ ਨਾਲ ਸਿੱਖ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਦੇ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਰਵਾਨਗੀ ਦੀ ਅਰਦਾਸ ਕੀਤੀ ਗਈ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗਿਆਨੀ ਅਮਰਜੀਤ ਸਿੰਘ ਵੱਲੋਂ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਰਾਏਕੋਟ ਦੀ ਧਰਤੀ ਨਾਲ ਜੁੜੇ ਸਿੱਖ ਇਤਿਹਾਸ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰਾਏਕੋਟ ਵਿਖੇ ਨੂਰੇ ਮਾਹੀ ਤੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣੀ ਸੀ ਅਤੇ ਕਾਹੀ ਦਾ ਬੂਟਾ ਤੀਰ ਨਾਲ ਪੁੱਟਦਿਆਂ ਜ਼ੁਲਮੀ ਰਾਜ ਦੀ ਜੜ੍ਹ ਪੁੱਟੇ ਜਾਣ ਦਾ ਸੰਕੇਤ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਅੱਜ ਵੀ ਸਿੱਖ ਕੌਮ ਨੂੰ ਜ਼ੁਲਮ ਅਤੇ ਅਨਿਆਂ ਦੇ ਵਿਰੁੱਧ ਡਟ ਕੇ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ।

ਗਿਆਨੀ ਗੜਗੱਜ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਰਵਾਇਤ ਰਹੀ ਹੈ ਕਿ ਜਦੋਂ ਵੀ ਕਿਸੇ ਹਕੂਮਤ ਵੱਲੋਂ ਪੰਥਕ ਮਰਿਆਦਾ ਅਤੇ ਸਿੱਖ ਸਿਧਾਂਤਾਂ ਨੂੰ ਚੁਣੌਤੀ ਦਿੱਤੀ ਗਈ, ਖ਼ਾਲਸੇ ਨੇ ਉਸ ਦਾ ਡਟ ਕੇ ਸਾਹਮਣਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਅੱਜ ਵੀ ਕੁਝ ਹਕੂਮਤੀ ਤਾਕਤਾਂ ਤਾਕਤ ਦੇ ਨਸ਼ੇ ਵਿਚ ਪੰਥਕ ਪ੍ਰੰਪਰਾਵਾਂ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸਿੱਖ ਕੌਮ ਅਜਿਹੇ ਰੁਝਾਨਾਂ ਨੂੰ ਕਦੇ ਪ੍ਰਵਾਨ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿੱਖ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਖ਼ਾਲਸਾ ਪੰਥ ਗੰਭੀਰਤਾ ਨਾਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਿੱਖਾਂ ਨਾਲ ਸਬੰਧਤ ਕਿਸੇ ਵੀ ਨੀਤੀ ਜਾਂ ਕਾਨੂੰਨ ਨੂੰ ਪੰਥ ਦੀ ਸਹਿਮਤੀ ਤੋਂ ਬਿਨਾਂ ਲਾਗੂ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਨਾਲ ਹੀ ਉਨ੍ਹਾਂ ਸੰਗਤਾਂ ਨੂੰ ਸਿੱਖ ਪ੍ਰੰਪਰਾਵਾਂ ਅਤੇ ਮਰਿਆਦਾ ’ਤੇ ਸਵਾਲ ਖੜ੍ਹੇ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸੰਗਤਾਂ ਨੂੰ 29 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਤੋਂ ਵੀ ਵੱਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ, ਫਿਰ ਵੀ ਉਨ੍ਹਾਂ ਦੀ ਰਿਹਾਈ ਦੇ ਮਾਮਲੇ ਵਿਚ ਸਰਕਾਰਾਂ ਦਾ ਰਵੱਈਆ ਕਥਿਤ ਤੌਰ ’ਤੇ ਵਿਤਕਰੇ ਵਾਲਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਚੜ੍ਹਦੀ ਕਲਾ ਲਈ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਅਰਦਾਸ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵਿਦਿਅਕ ਅਦਾਰਿਆਂ ਵਿਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣ ਦੀ ਗੱਲ ਕਹੀ ਗਈ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਵੀ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ, ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ।

ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਮਾਰਚ ਦੇ ਵੱਖ-ਵੱਖ ਪੜਾਵਾਂ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨੌਜੁਆਨਾਂ ਨੂੰ ਸਾਬਤ-ਸੂਰਤ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਆਯੋਜਕਾਂ ਅਨੁਸਾਰ ਮਾਰਚ ਦੌਰਾਨ ਕਈ ਨੌਜੁਆਨ ਸਾਬਤ-ਸੂਰਤ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਕਰ ਰਹੇ ਹਨ।

ਗੁਰਦੁਆਰਾ ਟਾਹਲੀਆਣਾ ਸਾਹਿਬ, ਰਾਏਕੋਟ ਤੋਂ ਰਵਾਨਾ ਹੋਇਆ ਇਹ ਮਾਰਚ ਵੱਖ-ਵੱਖ ਪੜਾਵਾਂ ਵਿਚੋਂ ਲੰਘਦਾ ਹੋਇਆ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ, ਲੌਂਗੋਵਾਲ ਵਿਖੇ ਪਹੁੰਚੇਗਾ ਅਤੇ ਉਥੋਂ ਅਗਲੇ ਦਿਨ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

ਮਾਰਚ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ, ਧਾਰਮਿਕ ਆਗੂਆਂ, ਪ੍ਰਚਾਰਕਾਂ, ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਥਕ ਪ੍ਰੰਪਰਾਵਾਂ, ਗੁਰਮਤਿ ਜੀਵਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਰਗੇ ਮੁੱਦੇ ਮੁੱਖ ਤੌਰ ’ਤੇ ਉਭਾਰੇ ਗਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.