ਤਾਜਾ ਖਬਰਾਂ
ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਭੇਜੇ ਗਏ ਚਰਚਿਤ ਪੱਤਰ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਹਾਈਕੋਰਟ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ (PIL) 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ, ਕੇਂਦਰੀ ਜਾਂਚ ਏਜੰਸੀ (CBI), ਈ.ਡੀ. ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਐਡਵੋਕੇਟ ਨਿਖਿਲ ਸਰਾਫ ਵੱਲੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਈ.ਡੀ. ਦੇ ਪੱਤਰ ਵਿੱਚ ਲਗਾਏ ਗਏ ਦੋਸ਼ ਬੇਹੱਦ ਗੰਭੀਰ ਹਨ, ਜੋ ਸਿੱਧੇ ਤੌਰ 'ਤੇ ਮੁੱਖ ਮੰਤਰੀ ਦਫ਼ਤਰ (CMO) ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦੇ ਹਨ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਪੁਲਿਸ ਜਾਂ ਵਿਜੀਲੈਂਸ ਦੀ ਥਾਂ ਇਸ ਪੂਰੇ ਮਾਮਲੇ ਅਤੇ ਮਨੀ ਟ੍ਰੇਲ ਦੀ ਨਿਰਪੱਖ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।
ਜ਼ਿਕਰਯੋਗ ਹੈ ਕਿ ਈ.ਡੀ. ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ (ਨਿਤਿਨ ਗੋਹਲ ਤੇ ਬੀਰ ਦਵਿੰਦਰ) ਵਿਰੁੱਧ PMLA ਐਕਟ ਤਹਿਤ ਅਪਰਾਧਿਕ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਇਹ ਵਿਅਕਤੀ ਸਰਕਾਰੀ ਵਿਭਾਗਾਂ 'ਚ ਤਬਾਦਲਿਆਂ, ਪੋਸਟਿੰਗਾਂ ਅਤੇ ਟੈਂਡਰ ਪ੍ਰਕਿਰਿਆਵਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰ ਰਹੇ ਸਨ।
Get all latest content delivered to your email a few times a month.