ਤਾਜਾ ਖਬਰਾਂ
ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ‘ਬੰਦੀ ਸਿੰਘਾਂ’ ਦੀ ਜੇਲ੍ਹਾਂ ਤੋਂ ਰਿਹਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਨ੍ਹਾਂ ਪਾਠਾਂ ਦੇ ਭੋਗ 29 ਤਰੀਕ ਨੂੰ ਪਾਏ ਜਾਣਗੇ, ਜਿਸ ਤੋਂ ਬਾਅਦ ਸਮੁੱਚੇ ਖਾਲਸਾ ਪੰਥ ਵੱਲੋਂ ਵਿਸ਼ੇਸ਼ ਦੀਵਾਨ ਸਜਾਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰਾਂ ਦੇ ਦੋਹਰੇ ਰੱਵਈਏ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸੰਗੀਨ ਅਪਰਾਧਾਂ ਵਿੱਚ ਘਿਰੇ ਦੋਸ਼ੀਆਂ ਨੂੰ ਹਰ ਦੋ-ਚਾਰ ਮਹੀਨਿਆਂ ਬਾਅਦ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਆਪਣੀਆਂ ਬਜ਼ੁਰਗ ਅਤੇ ਬੀਮਾਰ ਮਾਤਾਵਾਂ ਨੂੰ ਮਿਲਣ ਤੱਕ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਭਾਵੁਕ ਹੁੰਦਿਆਂ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਦੀ ਵਿਗੜਦੀ ਹਾਲਤ ਦਾ ਵੀ ਜ਼ਿਕਰ ਕੀਤਾ।
ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਜਾਇਜ਼ ਅਤੇ ਕਾਨੂੰਨੀ ਮੰਗ ਲਈ ਪਹਿਲਾਂ ਵੀ ਕਈ ਰੋਸ ਮਾਰਚ ਅਤੇ ਧਰਨੇ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਸਮੁੱਚੀਆਂ ਧਾਰਮਿਕ, ਰਾਜਨੀਤਿਕ ਧਿਰਾਂ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਇੱਕ ਨਿਸ਼ਾਨ ਸਾਹਿਬ ਥੱਲੇ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਤਾਂ ਜੋ ਕੇਂਦਰ ਸਰਕਾਰ ਨੂੰ ਇਨਸਾਫ਼ ਦੇਣ ਲਈ ਮਜ਼ਬੂਰ ਕੀਤਾ ਜਾ ਸਕੇ।
Get all latest content delivered to your email a few times a month.