ਤਾਜਾ ਖਬਰਾਂ
ਰੱਖੜ ਪੁੰਨਿਆ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦੀਆਂ ਔਰਤਾਂ ਨੂੰ ਇੱਕ ਵੱਡਾ ਵਿੱਤੀ ਤੋਹਫ਼ਾ ਦੇਣ ਜਾ ਰਹੇ ਹਨ। ਇਸ ਸਬੰਧੀ ਬਾਬਾ ਬਕਾਲਾ ਵਿਖੇ ਇੱਕ ਵਿਸ਼ੇਸ਼ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਸਮੇਤ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀ ਔਰਤਾਂ ਨੂੰ ਸਨਮਾਨ ਰਾਸ਼ੀ ਜਾਰੀ ਕੀਤੀ ਜਾਵੇਗੀ।
ਸਰਕਾਰੀ ਅੰਕੜਿਆਂ ਮੁਤਾਬਕ ਸੂਬੇ ਦੀਆਂ ਔਰਤਾਂ ਵਿੱਚ ਇਸ ਯੋਜਨਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਪੰਜਾਬ ਦੀਆਂ 76 ਲੱਖ 5 ਹਜ਼ਾਰ ਔਰਤਾਂ ਇਸ ਯੋਜਨਾ ਨਾਲ ਜੁੜ ਚੁੱਕੀਆਂ ਹਨ। ਸਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹੁਣ ਤੱਕ ਲਗਭਗ 65 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ direct transfer ਰਾਹੀਂ 2,274 ਕਰੋੜ 42 ਲੱਖ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ। ਇਸ ਯੋਜਨਾ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ (SC) ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਸੂਬਾ ਸਰਕਾਰ ਅਨੁਸਾਰ ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਵਿੱਤੀ ਤੌਰ 'ਤੇ ਮਜ਼ਬੂਤ ਕਰਨਾ ਹੈ ਤਾਂ ਜੋ ਉਹ ਆਪਣੇ ਛੋਟੇ-ਵੱਡੇ ਖਰਚਿਆਂ ਲਈ ਕਿਸੇ ਹੋਰ 'ਤੇ ਨਿਰਭਰ ਨਾ ਰਹਿਣ। ਬਾਬਾ ਬਕਾਲਾ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਯੋਜਨਾ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਸੰਬੰਧੀ ਵੇਰਵੇ ਸਾਂਝੇ ਕਰਨ ਅਤੇ ਔਰਤਾਂ ਦੇ ਕਲਿਆਣ ਲਈ ਭਵਿੱਖ ਦੀਆਂ ਕਈ ਹੋਰ ਯੋਜਨਾਵਾਂ ਦਾ ਐਲਾਨ ਕਰਨ ਦੀ ਵੀ ਪੂਰੀ ਉਮੀਦ ਹੈ।
Get all latest content delivered to your email a few times a month.