ਤਾਜਾ ਖਬਰਾਂ
ਮੁੱਖ ਮੰਤਰੀ ਨੇ ਕਿਹਾ ਕਿ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਲਈ ਸਰਕਾਰ ਵੱਲੋਂ ਮਹੱਤਵਪੂਰਨ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 70 ਲੱਖ 92 ਹਜ਼ਾਰ 303 ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਹਾਇਤਾ ਰਾਸ਼ੀ ਪਹੁੰਚਾਈ ਜਾ ਚੁੱਕੀ ਹੈ।
ਉਨ੍ਹਾਂ ਅਨੁਸਾਰ ਇਸੇ ਯੋਜਨਾ ਤਹਿਤ ਇਸ ਮਹੀਨੇ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ 5 ਲੱਖ 30 ਹਜ਼ਾਰ 303 ਮਹਿਲਾਵਾਂ ਦੇ ਖਾਤਿਆਂ ਵਿੱਚ 181 ਕਰੋੜ 50 ਲੱਖ ਰੁਪਏ ਦੀ ਰਾਸ਼ੀ ਸਿੱਧੀ ਟਰਾਂਸਫਰ ਕੀਤੀ ਗਈ ਹੈ। ਭਗਵੰਤ ਮਾਨ ਨੇ ਇਸ ਨੂੰ ਪੰਜਾਬ ਦੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਵਧਾਉਣ ਵੱਲ ਇੱਕ ਅਹਿਮ ਕਦਮ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੇ ਜਾ ਰਹੇ ਰੁਜ਼ਗਾਰ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਪੁਲਿਸ ਭਰਤੀ ਦੌਰਾਨ 1746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 70,840 ਹੋ ਗਈ ਹੈ।
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਇਹ ਨੌਕਰੀਆਂ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਲਈ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ।
ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦੇਣ ਵਰਗੇ ਉਪਰਾਲਿਆਂ ਦੇ ਨਤੀਜੇ ਸਾਹਮਣੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ 80 ਬੱਚਿਆਂ ਨੇ NEET ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਵਾਰ ਇਹ ਗਿਣਤੀ ਵੱਧ ਕੇ 882 ਹੋ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੇ ਸਰਵੇਖਣ ਅਨੁਸਾਰ ਪ੍ਰਾਇਮਰੀ ਸਿੱਖਿਆ ਦੇ ਮਾਮਲੇ ਵਿੱਚ ਪੰਜਾਬ ਨੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਵਾਂਗ ਰਾਤ ਸਮੇਂ ਬਿਜਲੀ ਦੀ ਉਡੀਕ ਨਹੀਂ ਕਰਨੀ ਪੈ ਰਹੀ, ਸਗੋਂ ਖੇਤੀ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵੱਲ ਸਰਕਾਰ ਨੇ ਕਦਮ ਚੁੱਕੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਉਣਾ ਦੱਸਿਆ ਗਿਆ।
ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਲੋਕਾਂ ਨਾਲ ਸਿੱਧਾ ਸੰਵਾਦ ਵੀ ਕੀਤਾ। ਉਨ੍ਹਾਂ ਨੇ ਪੰਡਾਲ ਵਿੱਚ ਮੌਜੂਦ ਹਜ਼ਾਰਾਂ ਲੋਕਾਂ ਤੋਂ ਵੱਖ-ਵੱਖ ਸਰਕਾਰੀ ਸਹੂਲਤਾਂ ਬਾਰੇ ਹੱਥ ਖੜ੍ਹੇ ਕਰਵਾ ਕੇ ਫੀਡਬੈਕ ਲਿਆ।
ਇਸ ਦੌਰਾਨ ਉਨ੍ਹਾਂ ਨੇ ਪੁੱਛਿਆ ਕਿ ਕਿੰਨੇ ਲੋਕਾਂ ਦੇ ਘਰੇਲੂ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਮੁੱਖ ਮੰਤਰੀ ਮੁਤਾਬਕ ਇਕੱਠ ਵਿੱਚ ਮੌਜੂਦ 90 ਫ਼ੀਸਦੀ ਤੋਂ ਵੱਧ ਲੋਕਾਂ ਨੇ ਜ਼ੀਰੋ ਬਿਜਲੀ ਬਿੱਲ ਆਉਣ ਦੀ ਗੱਲ ਦੀ ਪੁਸ਼ਟੀ ਕੀਤੀ।
ਇਸੇ ਤਰ੍ਹਾਂ ਸਿਹਤ ਸਹੂਲਤਾਂ ਸਬੰਧੀ ਪੁੱਛੇ ਜਾਣ ’ਤੇ ਵੱਡੀ ਗਿਣਤੀ ਲੋਕਾਂ ਨੇ 5 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਦੀ ਸਹੂਲਤ ਮਿਲਣ ਬਾਰੇ ਹੱਥ ਖੜ੍ਹੇ ਕੀਤੇ।
ਮੁੱਖ ਮੰਤਰੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਲੋਕਾਂ ਤੋਂ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਬਾਰੇ ਵੀ ਪ੍ਰਤੀਕਿਰਿਆ ਲਈ। ਇਸ ਦੌਰਾਨ ਹਾਜ਼ਰੀਨ ਵੱਲੋਂ ਨਾਅਰੇ ਲਗਾ ਕੇ ਆਪਣਾ ਸਮਰਥਨ ਜਤਾਇਆ ਗਿਆ।ਵਿਰੋਧੀ ਧਿਰਾਂ ਨੂੰ ਘੇਰਦਿਆਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ’ਤੇ ਪਰਿਵਾਰਵਾਦ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਅੰਦਰੂਨੀ ਸਿਆਸੀ ਖਿੱਚੋਤਾਣ ਅਤੇ ਪਰਿਵਾਰਵਾਦ ਤੋਂ ਬਾਹਰ ਨਹੀਂ ਨਿਕਲ ਸਕੀਆਂ।
ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਵੀ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਪੰਜਾਬ ਨੂੰ ਨਸ਼ਿਆਂ ਅਤੇ ਲੁੱਟ-ਖਸੁੱਟ ਵੱਲ ਧੱਕਣ ਵਾਲੀਆਂ ਤਾਕਤਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ।
ਕਾਂਗਰਸ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਵਿਚਾਲੇ ਆਪਸੀ ਫੁੱਟ ਇੰਨੀ ਵਧ ਗਈ ਹੈ ਕਿ ਉਹ ਇੱਕ-ਦੂਜੇ ਨਾਲ ਹੀ ਸਹਿਮਤ ਨਹੀਂ ਹੋ ਰਹੇ।
ਮੁੱਖ ਮੰਤਰੀ ਨੇ ਭਾਜਪਾ ’ਤੇ ਹਮਲਾ ਕਰਦਿਆਂ ਕਿਸਾਨ ਅੰਦੋਲਨ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਹੋਈਆਂ ਅਤੇ ਪੰਜਾਬ ਦੇ ਹੱਕਾਂ ਨੂੰ ਲੈ ਕੇ ਕੇਂਦਰ ਨਾਲ ਸੂਬੇ ਦੇ ਕਈ ਮੁੱਦੇ ਰਹੇ ਹਨ।
ਆਪਣੇ ਸੰਬੋਧਨ ਦੇ ਅੰਤ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਹੁਣ ਵਿਕਾਸ ਅਤੇ ਤਰੱਕੀ ਦੀ ਦਿਸ਼ਾ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਗੁਰੂਆਂ ਦੀ ਇਸ ਪਵਿੱਤਰ ਧਰਤੀ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਵੱਲੋਂ ਕੰਮ ਜਾਰੀ ਰਹੇਗਾ।
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਇਸ ਸਮਾਗਮ ਵਿੱਚ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ, ਮਹਿਲਾਵਾਂ ਲਈ ਆਰਥਿਕ ਸਹਾਇਤਾ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਖੇਤੀਬਾੜੀ ਨਾਲ ਜੁੜੇ ਮੁੱਦੇ ਮੁੱਖ ਤੌਰ ’ਤੇ ਚਰਚਾ ਵਿੱਚ ਰਹੇ।
Get all latest content delivered to your email a few times a month.