ਤਾਜਾ ਖਬਰਾਂ
ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਨੀਲੂ ਝਾਂਗੀ ਦੀ ਅਗਵਾਈ ਹੇਠ ਸਮੁੱਚੇ ਅਧਿਆਪਕ ਅਤੇ ਪ੍ਰਬੰਧਕੀ ਸਟਾਫ਼ ਵੱਲੋਂ ਹਰਭਜਨ ਸਿੰਘ ਈ.ਟੀ.ਓ. ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੰਤਰੀ ਨੇ ਕਾਲਜ ਦੇ ਸਟਾਫ਼ ਨਾਲ ਗੱਲਬਾਤ ਕਰਦਿਆਂ ਆਪਣੇ ਵਿਦਿਆਰਥੀ ਜੀਵਨ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।
ਮੰਤਰੀ ਨੇ ਕਿਹਾ ਕਿ ਜਿਸ ਸੰਸਥਾ ਵਿੱਚ ਰਹਿ ਕੇ ਉਨ੍ਹਾਂ ਨੇ ਸਿੱਖਿਆ ਹਾਸਲ ਕੀਤੀ ਸੀ, ਉਸੇ ਅਦਾਰੇ ਵਿੱਚ ਮੁੜ ਆਉਣਾ ਉਨ੍ਹਾਂ ਲਈ ਮਾਣ ਅਤੇ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਐੱਮ.ਜੀ.ਐੱਨ. ਕਾਲਜ ਨੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਲਈ ਸਭ ਤੋਂ ਭਾਵੁਕ ਪਲ ਉਹ ਸੀ, ਜਦੋਂ ਉਨ੍ਹਾਂ ਨੇ ਕਾਲਜ ਦੀ ਇਨਾਮ ਵਿਜੇਤਾ ਅਤੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਦੇਖਿਆ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਐੱਮ.ਜੀ.ਐੱਨ. ਕਾਲਜ ਸਿਰਫ਼ ਜਲੰਧਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਵਾਲੇ ਪ੍ਰਮੁੱਖ ਅਦਾਰਿਆਂ ਵਿੱਚ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖਣ, ਬਲਕਿ ਉਨ੍ਹਾਂ ਦੇ ਸਰਵਪੱਖੀ ਵਿਕਾਸ ਵੱਲ ਵੀ ਧਿਆਨ ਦੇਣ।
ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਪੰਜਾਬ ਦੀ ਤਸਵੀਰ ਤੈਅ ਕਰਨਗੇ। ਇਸ ਲਈ ਅਧਿਆਪਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਨੌਜਵਾਨਾਂ ਨੂੰ ਪੂਰੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸਿੱਖਿਆ ਦੇਣ, ਤਾਂ ਜੋ ਉਹ ਸੂਬੇ ਦੇ ਵਿਕਾਸ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕਈ ਮਹੱਤਵਪੂਰਨ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲ ਵਰਗੇ ਸੂਬੇ ਨੂੰ ਵੀ ਪਿੱਛੇ ਛੱਡ ਦਿੱਤਾ ਹੈ ਅਤੇ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਥਾਂ ਬਣਾਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ’ਤੇ ਬਦਲਾਅ ਲਿਆਂਦਾ ਗਿਆ ਹੈ। ‘ਪੰਜਾਬ ਸਕੂਲ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਸੂਬੇ ਦੇ 118 ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਵਾਤਾਵਰਣ, ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਦਾ ਉਦੇਸ਼ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਸਕੂਲਾਂ ਤੱਕ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ, ਇਸ ਲਈ ਵਿਸ਼ੇਸ਼ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਲਾਭ ਲੈ ਰਹੇ ਹਨ।
ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਵਿੱਚ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਨਵੀਆਂ ਸੜਕਾਂ ਬਣਾਉਣ ਅਤੇ ਮੌਜੂਦਾ ਸੜਕਾਂ ਨੂੰ ਚੌੜਾ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਅਤੇ ਬਿਹਤਰ ਸੜਕੀ ਨੈੱਟਵਰਕ ਸਿਰਫ਼ ਲੋਕਾਂ ਦੀ ਆਵਾਜਾਈ ਨੂੰ ਆਸਾਨ ਨਹੀਂ ਬਣਾਉਂਦਾ, ਸਗੋਂ ਵਪਾਰ, ਉਦਯੋਗ ਅਤੇ ਸਮੁੱਚੀ ਆਰਥਿਕਤਾ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਦੌਰੇ ਦੇ ਅੰਤ ਵਿੱਚ ਐੱਮ.ਜੀ.ਐੱਨ. ਕਾਲਜ ਦੀ ਪ੍ਰਿੰਸੀਪਲ ਡਾ. ਨੀਲੂ ਝਾਂਗੀ ਨੇ ਮੰਤਰੀ ਨੂੰ ਕਾਲਜ ਦੀਆਂ ਵੱਖ-ਵੱਖ ਅਕਾਦਮਿਕ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੰਸਥਾ ਵੱਲੋਂ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਵਿਸਥਾਰ ਨਾਲ ਦੱਸਿਆ।
ਪ੍ਰਿੰਸੀਪਲ ਅਤੇ ਸਮੁੱਚੇ ਸਟਾਫ਼ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਲਜ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਆਪਣੇ ਪੁਰਾਣੇ ਕਾਲਜ ਵਿੱਚ ਬਿਤਾਏ ਸਮੇਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਮੰਤਰੀ ਨੇ ਵੀ ਸੰਸਥਾ ਨਾਲ ਜੁੜੇ ਆਪਣੇ ਪੁਰਾਣੇ ਰਿਸ਼ਤੇ ਨੂੰ ਯਾਦ ਕੀਤਾ ਅਤੇ ਕਾਲਜ ਦੀ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
Get all latest content delivered to your email a few times a month.