ਤਾਜਾ ਖਬਰਾਂ
ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ। ਉਨ੍ਹਾਂ ਨੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।
ਇਸ ਉਪਰੰਤ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵੱਲੋਂ ਮਾਰਚ ਦੀ ਰਵਾਨਗੀ ਲਈ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਵੱਲੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ, ਜਿਸ ਤੋਂ ਬਾਅਦ ਮੀਰੀ-ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਮੱਖਣ ਸ਼ਾਹ ਲੁਬਾਣਾ ਦੇ ਇਤਿਹਾਸਕ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਛਾਣ ਕਰਕੇ ‘ਸਾਚਾ ਗੁਰੂ ਲਾਧੋ ਰੇ’ ਦਾ ਸੰਦੇਸ਼ ਦੇਣਾ ਸਿੱਖ ਇਤਿਹਾਸ ਦੀ ਮਹੱਤਵਪੂਰਨ ਘਟਨਾ ਹੈ। ਇਹ ਘਟਨਾ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਅਤੇ ਸਮਰਪਣ ਦੀ ਮਿਸਾਲ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ‘ਗੁਰੂ ਮਾਨਿਓ ਗ੍ਰੰਥ’ ਨੂੰ ਜੀਵਨ ਦਾ ਆਧਾਰ ਬਣਾਉਣਾ ਹਰੇਕ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਕਿਸੇ ਵੀ ਦੇਹਧਾਰੀ ਨੂੰ ਗੁਰੂ ਮੰਨਣ ਦੇ ਭੁਲੇਖੇ ਤੋਂ ਬਚਣਾ ਚਾਹੀਦਾ ਹੈ। ਮੀਰੀ-ਪੀਰੀ ਖਾਲਸਾ ਮਾਰਚ ਰਾਹੀਂ ਗੁਰੂ ਸਿਧਾਂਤ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਏਕਤਾ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੀ ਸਭ ਤੋਂ ਵੱਡੀ ਚਿੰਤਾ ਨਸ਼ਿਆਂ ਦੀ ਵਧ ਰਹੀ ਮਾਰ ਹੈ। ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨੀ ਦਾ ਵੱਡਾ ਹਿੱਸਾ ਪ੍ਰਭਾਵਿਤ ਹੋ ਰਿਹਾ ਹੈ ਅਤੇ ਪਰਿਵਾਰਾਂ ਨੂੰ ਇਸ ਦਾ ਗੰਭੀਰ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰਾਂ ਨੂੰ ਵੀ ਨਸ਼ਿਆਂ ਦੀ ਰੋਕਥਾਮ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਸਤੇ ਜਵਾਬਦੇਹ ਬਣਾਉਣਾ ਜ਼ਰੂਰੀ ਹੈ।
ਜਥੇਦਾਰ ਨੇ ਇਹ ਵੀ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਪ੍ਰਤੀ ਨਫ਼ਰਤ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਉਨ੍ਹਾਂ ਨੂੰ ਪਿਆਰ, ਸਹਾਰਾ ਅਤੇ ਸਹੀ ਮਾਰਗਦਰਸ਼ਨ ਦੇਣ ਦੀ ਲੋੜ ਹੈ। ਅਜਿਹੇ ਨੌਜਵਾਨਾਂ ਨੂੰ ਮੁੜ ਸਿਹਤਮੰਦ ਅਤੇ ਚੰਗੇ ਜੀਵਨ ਵੱਲ ਲਿਆਉਣ ਲਈ ਸਮਾਜ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਨਾਲ-ਨਾਲ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿੱਖੀ ਸਰੂਪ ਅਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰਕ ਮਾਹੌਲ ਵਿੱਚ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਜੀਵਨ-ਜਾਚ ਨਾਲ ਬੱਚਿਆਂ ਦੀ ਸਾਂਝ ਮਜ਼ਬੂਤ ਕਰਨ ਦੀ ਲੋੜ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਸੰਗਤਾਂ ਨਾਲ ਮੁਲਾਕਾਤ ਕਰਨ ਸਮੇਂ ਪੰਜਾਬ ਦੀ ਨੌਜਵਾਨੀ ਨਾਲ ਜੁੜੀ ਇੱਕ ਬਹੁਤ ਹੀ ਚਿੰਤਾਜਨਕ ਤਸਵੀਰ ਸਾਹਮਣੇ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਛੋਟੀ ਉਮਰ ਦੇ ਕਈ ਨੌਜਵਾਨ ਚਿੱਟੇ ਸਮੇਤ ਹੋਰ ਨਸ਼ਿਆਂ ਦੀ ਲਪੇਟ ਵਿੱਚ ਆ ਕੇ ਆਪਣੀਆਂ ਕੀਮਤੀ ਜ਼ਿੰਦਗੀਆਂ ਗੁਆ ਚੁੱਕੇ ਹਨ। ਇਹ ਸਿਰਫ਼ ਕਿਸੇ ਇੱਕ ਪਰਿਵਾਰ ਦੀ ਸਮੱਸਿਆ ਨਹੀਂ, ਬਲਕਿ ਪੂਰੇ ਪੰਜਾਬ ਦਾ ਸਾਂਝਾ ਦਰਦ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖਾਲਸਾ ਮਾਰਚ ਦਾ ਉਦੇਸ਼ ਸਿਰਫ਼ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਹੀ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਨੂੰ ਬਾਣੀ ਅਤੇ ਬਾਣੇ ਨਾਲ ਜੋੜਨਾ, ਗੁਰਸਿੱਖੀ ਜੀਵਨ ਵੱਲ ਪ੍ਰੇਰਿਤ ਕਰਨਾ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸੁਨੇਹਾ ਲੈ ਕੇ ਖਾਲਸਾ ਮਾਰਚ ਪੰਜਾਬ ਦੇ ਪਿੰਡ-ਪਿੰਡ ਤੱਕ ਪਹੁੰਚ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੀਰੀ-ਪੀਰੀ ਖਾਲਸਾ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦਾ ਭਵਿੱਖ ਹੈ ਅਤੇ ਇਸ ਲਈ ਹਰ ਮਾਂ-ਪਿਉ ਅਤੇ ਹਰ ਗੁਰਸਿੱਖ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਦੇ ਹੋਏ ਗੁਰੂ ਨਾਲ ਜੋੜਨ।
ਉਨ੍ਹਾਂ ਖਾਲਸਾ ਮਾਰਚ ਨੂੰ ਸਹਿਯੋਗ ਦੇਣ ਵਾਲੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਮੀਰੀ-ਪੀਰੀ ਖਾਲਸਾ ਮਾਰਚ ਨੂੰ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮਾਰਚ ਦੌਰਾਨ ਕਈ ਨੌਜਵਾਨ ਸਾਬਤ-ਸੂਰਤ ਰਹਿਣ ਅਤੇ ਸਿੱਖੀ ਸਰੂਪ ਨੂੰ ਅਪਣਾਉਣ ਦਾ ਪ੍ਰਣ ਕਰ ਰਹੇ ਹਨ। ਇਸ ਦੇ ਨਾਲ ਹੀ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਗੁਰਲਾਲ ਸਿੰਘ, ਰਾਮਪਾਲ ਸਿੰਘ ਬਹਿਣੀਵਾਲ, ਬੀਬੀ ਪਰਮਜੀਤ ਕੌਰ, ਹਲਕਾ ਇੰਚਾਰਜ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਮੈਨੇਜਰ ਸਤਨਾਮ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਇੰਚਾਰਜ ਭੋਲਾ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਗੁਰਵਿੰਦਰ ਸਿੰਘ ਮੁਹਾਲੀ, ਸੰਦੀਪ ਸਿੰਘ ਕਲੋਤਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Get all latest content delivered to your email a few times a month.