ਤਾਜਾ ਖਬਰਾਂ
ਮਾਰਚ ਦੀ ਰਵਾਨਗੀ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ, ਜਦਕਿ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਕੌਮ ਦੇ ਕੀਮਤੀ ਹੀਰੇ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਸਮੁੱਚਾ ਪੰਥ ਲਗਾਤਾਰ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ।
ਗਿਆਨੀ ਗੜਗੱਜ ਨੇ ਕਿਹਾ ਕਿ ਕੁਝ ਸਿੰਘ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ। ਅਜਿਹੇ ਹਾਲਾਤ ਵਿੱਚ ਜੇਕਰ ਉਨ੍ਹਾਂ ਨੂੰ ਕਾਨੂੰਨੀ ਅਤੇ ਸੰਵਿਧਾਨਕ ਹੱਕਾਂ ਦੇ ਆਧਾਰ ’ਤੇ ਰਿਹਾਈ ਨਹੀਂ ਮਿਲਦੀ ਤਾਂ ਇਹ ਪ੍ਰਬੰਧ ਅਤੇ ਇਨਸਾਫ਼ ਦੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਮੁੱਦਾ ਨਹੀਂ, ਬਲਕਿ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਅਰਦਾਸ ਸਮਾਗਮ ਅਤੇ ਹੋਰ ਉਪਰਾਲੇ ਪੰਥ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਕੰਮ ਕਰ ਰਹੇ ਹਨ। ਇਸ ਨਾਲ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਕੁਰਬਾਨੀ ਅਤੇ ਉਨ੍ਹਾਂ ਨਾਲ ਹੋ ਰਹੇ ਕਥਿਤ ਵਿਤਕਰੇ ਸਬੰਧੀ ਆਵਾਜ਼ ਹੋਰ ਮਜ਼ਬੂਤ ਹੋਵੇਗੀ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨਾਲ ਹੋ ਰਹੇ ਬੇਇਨਸਾਫ਼ੀ ਦੇ ਵਿਰੁੱਧ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਜੇਲ੍ਹਾਂ ਦੀਆਂ ਚਾਰਦੀਵਾਰੀਆਂ ਵਿੱਚ ਬਿਤਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਸਿੱਖ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਕਿਸੇ ਹੋਰ ਵਿਅਕਤੀ ਜਾਂ ਵਰਗ ਨਾਲ ਬੰਦੀ ਸਿੰਘਾਂ ਦੀ ਤੁਲਨਾ ਨਹੀਂ ਕਰ ਰਹੀ, ਸਗੋਂ ਸਾਰਿਆਂ ਲਈ ਇਕਸਾਰ ਕਾਨੂੰਨ ਅਤੇ ਇਨਸਾਫ਼ ਦੀ ਮੰਗ ਕਰ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਤਾਂ ਉਸ ਦੀ ਵਰਤੋਂ ਵੀ ਬਿਨਾਂ ਕਿਸੇ ਭੇਦਭਾਵ ਦੇ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਗੰਭੀਰ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਕਈ ਕੈਦੀਆਂ ਨੂੰ ਵੀ ਸਮੇਂ-ਸਮੇਂ ’ਤੇ ਪੈਰੋਲ ਮਿਲਦੀ ਹੈ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਵੱਖਰਾ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਪਹੁੰਚ ’ਤੇ ਸਵਾਲ ਚੁੱਕੇ।
ਮੀਰੀ-ਪੀਰੀ ਖਾਲਸਾ ਮਾਰਚ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਪੰਥਕ ਪੱਧਰ ’ਤੇ ਜਾਗਰੂਕਤਾ ਅਤੇ ਲਾਮਬੰਦੀ ਜਾਰੀ ਰੱਖਣ ਦਾ ਸੰਦੇਸ਼ ਦਿੱਤਾ ਗਿਆ।
Get all latest content delivered to your email a few times a month.