ਤਾਜਾ ਖਬਰਾਂ
ਸਰਹੱਦੀ ਕਸਬਾ ਮਮਦੋਟ ਤੋਂ ਇੱਕ ਬੇਹੱਦ ਖ਼ੌਫ਼ਨਾਕ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਅਣਪਛਾਤੇ ਗੱਡੀ ਸਵਾਰ ਹਮਲਾਵਰਾਂ ਨੇ ਇੱਕ ਨੌਜਵਾਨ ਕਾਂਗਰਸੀ ਆਗੂ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਹਸਪਤਾਲ ਲਿਜਾਂਦੇ ਸਮੇਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਹਾਲ ਹੀ ਵਿੱਚ ਬਿਨਾਂ ਮੁਕਾਬਲਾ (ਨਿਰਵਿਰੋਧ) ਕੌਂਸਲਰ (MC) ਚੁਣਿਆ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਾਰਦਾਤ ਰਾਤ ਕਰੀਬ ਪੌਣੇ ਅੱਠ ਵਜੇ ਦੇ ਆਸ-ਪਾਸ ਵਾਪਰੀ। ਗੁਰਪ੍ਰੀਤ ਸਿੰਘ ਅਪਣੇ ਇੱਕ ਸਾਥੀ ਨਾਲ ਕਾਰ 'ਚ ਸਵਾਰ ਹੋ ਕੇ ਜਾ ਰਿਹਾ ਸੀ। ਇਸੇ ਦੌਰਾਨ ਆਏ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ 'ਤੇ ਤਾਬੜਤੋੜ ਗੋਲੀਆਂ ਬਰਸਾ ਦਿੱਤੀਆਂ। ਫਾਇਰਿੰਗ ਦੌਰਾਨ ਗੋਪੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਫਿਰੋਜ਼ਪੁਰ ਦੇ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਫ਼ੋਨ 'ਤੇ ਘਟਨਾ ਦੀ ਪੁਸ਼ਟੀ ਕੀਤੀ ਹੈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਦਿਹਾਤੀ ਦੇ ਡੀ.ਐੱਸ.ਪੀ. ਕਰਨ ਕੁਮਾਰ ਸ਼ਰਮਾ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚ ਗਏ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ। ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਨੇੜੇ-ਤੇੜੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
Get all latest content delivered to your email a few times a month.