ਤਾਜਾ ਖਬਰਾਂ
ਥਰਮਲ ਪਲਾਂਟ ਦੇ ਮੁੱਖ ਗੇਟ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ-07 ਦੀ ਸਰਵਿਸ ਰੋਡ ’ਤੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਕਮੇਟੀ ਦੇ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਪੰਨੂੰ, ਜਗਸੀਰ ਸਿੰਘ ਭੰਗੂ ਅਤੇ ਇਕਬਾਲ ਪੂਹਲਾ ਨੇ ਕਿਹਾ ਕਿ ਆਊਟਸੋਰਸਡ ਮੁਲਾਜ਼ਮ ਲੰਬੇ ਸਮੇਂ ਤੋਂ ਘੱਟ ਤਨਖਾਹਾਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਆਗੂਆਂ ਮੁਤਾਬਕ, ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਦਬਾਅ ਹੇਠ ਪਾਵਰਕਾਮ ਮੈਨੇਜਮੈਂਟ ਵੱਲੋਂ 30 ਜੂਨ ਨੂੰ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਹਾਲਾਂਕਿ, ਆਗੂਆਂ ਦਾ ਦੋਸ਼ ਹੈ ਕਿ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਮੈਨੇਜਮੈਂਟ ਵੱਲੋਂ ਮਾਮਲੇ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ।
ਕਮੇਟੀ ਆਗੂਆਂ ਨੇ ਮੰਗ ਕੀਤੀ ਕਿ ਪਾਵਰਕਾਮ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਅਤੇ ਉਨ੍ਹਾਂ ਦੇ ਤਜ਼ਰਬੇ ਨੂੰ ਆਧਾਰ ਬਣਾਉਂਦਿਆਂ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪੂਰਤੀ ਲਈ 2 ਸਤੰਬਰ ਨੂੰ ਪਟਿਆਲਾ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਲਗਾਤਾਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।
Get all latest content delivered to your email a few times a month.