ਤਾਜਾ ਖਬਰਾਂ
ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ ਕਿ ਕੋਈ ਵੀ ਹੋਣਹਾਰ ਬੱਚਾ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ। ਇਸੇ ਮੰਤਵ ਨਾਲ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਵਿਦਿਆਰਥੀਆਂ ਨੂੰ ਵਿੱਦਿਅਕ ਤੌਰ 'ਤੇ ਮਜ਼ਬੂਤ ਕਰਨ ਲਈ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਓ.ਬੀ.ਸੀ. ਤਹਿਤ ਵਿੱਤੀ ਸਾਲ 2025-26 ਦੌਰਾਨ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ ਅਤੇ ਉਹ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਯੋਗ ਬਣੇ ਹਨ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਲਈ 25,000 ਓ.ਬੀ.ਸੀ. ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਵਾਸਤੇ 10 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਧ ਤੋਂ ਵੱਧ ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਜਾਰੀ ਰੱਖਣ ਲਈ ਲੋੜੀਂਦੀ ਵਿੱਤੀ ਸਹਾਇਤਾ ਮਿਲੇਗੀ ਅਤੇ ਉਹ ਆਪਣੇ ਸੁਨਹਿਰੇ ਭਵਿੱਖ ਦੇ ਸੁਪਨੇ ਸਾਕਾਰ ਕਰ ਸਕਣਗੇ।
ਯੋਜਨਾ ਦੇ ਸਮੁੱਚੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਕੁੱਲ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਲਈ 15.72 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਦੇ ਇਸ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ ਕਿ ਹਰ ਯੋਗ ਵਿਦਿਆਰਥੀ ਨੂੰ ਬਿਨਾਂ ਕਿਸੇ ਆਰਥਿਕ ਰੁਕਾਵਟ ਦੇ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਿੱਖਿਆ ਸਮਾਜਿਕ ਬਦਲਾਅ ਅਤੇ ਸਸ਼ਕਤੀਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਜਦੋਂ ਬੱਚਿਆਂ ਨੂੰ ਪੜ੍ਹਨ-ਲਿਖਣ ਦੇ ਬਰਾਬਰ ਮੌਕੇ ਮਿਲਦੇ ਹਨ ਤਾਂ ਨਾ ਸਿਰਫ਼ ਉਨ੍ਹਾਂ ਦਾ ਭਵਿੱਖ ਰੌਸ਼ਨ ਹੁੰਦਾ ਹੈ, ਸਗੋਂ ਪਰਿਵਾਰ, ਸਮਾਜ ਅਤੇ ਸੂਬੇ ਦੀ ਤਰੱਕੀ ਨੂੰ ਵੀ ਨਵੀਂ ਦਿਸ਼ਾ ਮਿਲਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਅਤੇ ਪਾਰਦਰਸ਼ੀ ਨੀਤੀਆਂ ਲਾਗੂ ਕਰ ਰਹੀ ਹੈ। ਬੱਚਿਆਂ ਦੀ ਸਿੱਖਿਆ ਵਿੱਚ ਕੀਤਾ ਜਾ ਰਿਹਾ ਇਹ ਨਿਵੇਸ਼ ਇੱਕ ਸਮਾਨਤਾ ਵਾਲੇ, ਖੁਸ਼ਹਾਲ, ਪ੍ਰਗਤੀਸ਼ੀਲ ਅਤੇ ਰੰਗਲੇ ਪੰਜਾਬ ਦੀ ਮਜ਼ਬੂਤ ਨੀਂਹ ਸਾਬਤ ਹੋਵੇਗਾ, ਜਿੱਥੇ ਹਰ ਬੱਚੇ ਨੂੰ ਆਪਣੀ ਯੋਗਤਾ ਅਨੁਸਾਰ ਅੱਗੇ ਵਧਣ ਦਾ ਪੂਰਾ ਮੌਕਾ ਮਿਲੇਗਾ।
Get all latest content delivered to your email a few times a month.