ਤਾਜਾ ਖਬਰਾਂ
ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀ ਰਣਨੀਤੀ ਸਪੱਸ਼ਟ ਕਰ ਦਿੱਤੀ ਹੈ। ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਜਲੰਧਰ ਪਹੁੰਚੇ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਅਕਾਲੀ-ਭਾਜਪਾ ਗਠਜੋੜ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਐਲਾਨ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਬਿਨਾਂ ਕਿਸੇ ਸਮਝੌਤੇ ਦੇ ਇਕੱਲਿਆਂ ਚੋਣ ਮੈਦਾਨ 'ਚ ਉਤਰੇਗੀ।
ਜਲੰਧਰ ਸਥਿਤ ਭਾਜਪਾ ਦਫ਼ਤਰ 'ਚ ਵਰਕਰਾਂ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਪੂਨੀਆ ਨੇ ਦੱਸਿਆ ਕਿ ਪਾਰਟੀ ਸੰਗਠਨ ਅਤੇ ਵਿਚਾਰਧਾਰਾ ਦੇ ਦਮ 'ਤੇ ਸਰਕਾਰ ਬਣਾਉਣ ਦਾ ਟੀਚਾ ਲੈ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ਮਹੀਨਾ ਭਰ ਚੱਲਣ ਵਾਲਾ 'ਸੇਵਾ ਸੰਕਲਪ ਅਭਿਆਨ' ਸ਼ੁਰੂ ਕੀਤਾ ਜਾਵੇਗਾ। ਇਹ ਅਭਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਸਾਲ ਪੂਰੇ ਹੋਣ ਦੇ ਸਮਰਪਣ ਵਜੋਂ ਚਲਾਇਆ ਜਾਵੇਗਾ, ਜਿਸ ਤਹਿਤ ਕੇਂਦਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।
1984 ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਸ਼ੋਕ ਪ੍ਰਗਟਾਉਣ ਗਏ ਭਾਜਪਾ ਦੇ 3 ਦਿੱਲੀ ਦੇ ਸੰਸਦ ਮੈਂਬਰਾਂ ਬਾਰੇ ਪੁੱਛੇ ਗਏ ਸਵਾਲ 'ਤੇ ਡਾ. ਪੂਨੀਆ ਨੇ ਕਿਹਾ ਕਿ ਪਾਰਟੀ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਿੱਖ ਕਤਲੇਆਮ ਦੀ ਮੁੱਖ ਦੋਸ਼ੀ ਹੈ ਅਤੇ ਅਜਿਹੇ ਵਿਅਕਤੀ ਦੇ ਘਰ ਜਾਣ ਵਾਲੇ ਸੰਸਦ ਮੈਂਬਰਾਂ ਦੀ ਕਾਰਵਾਈ ਦੀ ਪਾਰਟੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਉਨ੍ਹਾਂ ਤਿੰਨਾਂ ਨੇਤਾਵਾਂ ਨੂੰ ਪਹਿਲਾਂ ਹੀ ਸਖ਼ਤ ਫਟਕਾਰ ਲਗਾਈ ਜਾ ਚੁੱਕੀ ਹੈ।
Get all latest content delivered to your email a few times a month.