ਤਾਜਾ ਖਬਰਾਂ
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਧਾਰਮਿਕ ਦੀਵਾਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੋੜਿਆ। ਇਸ ਸਿਧਾਂਤ ਦੀ ਚੇਤਨਾ ਨੂੰ ਸੰਗਤਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਹ ਖ਼ਾਲਸਾ ਮਾਰਚ ਸਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਮਸਲਿਆਂ ਦੇ ਹੱਲ ਲਈ ਖ਼ਾਲਸਾ ਪੰਥ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣਾ ਸਮੇਂ ਦੀ ਲੋੜ ਹੈ।
ਬੰਦੀ ਸਿੰਘਾਂ ਦੇ ਮਾਮਲੇ ’ਤੇ ਬੋਲਦਿਆਂ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੇ ਮਾਮਲੇ ਸਬੰਧੀ ਸਰਕਾਰ ਵੱਲੋਂ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਦਿੱਤੇ ਜਾਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਿੱਖ ਕੌਮ ਦੀ ਆਵਾਜ਼ ਪ੍ਰਤੀ ਸਰਕਾਰ ਦੀ ਪਹੁੰਚ ਬੇਇਨਸਾਫ਼ੀ ਵਾਲੀ ਹੈ।
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨ ਤਾਂ ਜੋ ਨੌਜਵਾਨ ਪੀੜ੍ਹੀ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਦੂਰ ਰਹਿ ਸਕੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੇ ਇਤਿਹਾਸ ਵਿੱਚ ਕਈ ਔਖੇ ਦੌਰ ਦੇਖੇ ਹਨ, ਪਰ ਗੁਰੂ ’ਤੇ ਭਰੋਸਾ ਰੱਖਦਿਆਂ ਹਮੇਸ਼ਾ ਚੜ੍ਹਦੀ ਕਲਾ ਵਿੱਚ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਦਾ ਵਧਦਾ ਰੁਝਾਨ ਅਤੇ ਸਿੱਖ ਸਿਧਾਂਤਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਕੌਮ ਲਈ ਵੱਡੀਆਂ ਚੁਣੌਤੀਆਂ ਹਨ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰੂ ਦੀਆਂ ਗੋਲਕਾਂ ਬਾਰੇ ਬੇਲੋੜੇ ਸ਼ੰਕੇ ਪੈਦਾ ਕਰਨ ਵਾਲੀਆਂ ਗੱਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਪੰਜਾਬ ਦੀ ਧਰਤੀ, ਪੰਜਾਬੀ ਬੋਲੀ ਅਤੇ ਵਿਰਾਸਤ ਨੂੰ ਸੰਭਾਲਣ ’ਤੇ ਵੀ ਜ਼ੋਰ ਦਿੱਤਾ। ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਵਿੱਚ ਆਪਣੀਆਂ ਜਾਇਦਾਦਾਂ ਵੇਚਣ ਤੋਂ ਗੁਰੇਜ਼ ਕਰਨ ਅਤੇ ਪੰਜਾਬ ਨਾਲ ਆਪਣਾ ਨਾਤਾ ਕਾਇਮ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨੀ ਅਤੇ ਸੱਭਿਆਚਾਰ ਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਮਾਰਚ ਦਾ ਸਵਾਗਤ ਕੀਤਾ ਗਿਆ। ਲੁਧਿਆਣਾ ਵਿੱਚ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਸੰਦੇਸ਼ ਵਾਲੀਆਂ ਤਖ਼ਤੀਆਂ ਲੈ ਕੇ ਮੋਟਰਸਾਈਕਲਾਂ ’ਤੇ ਮਾਰਚ ਵਿੱਚ ਸ਼ਮੂਲੀਅਤ ਕੀਤੀ। ਕਈ ਨੌਜਵਾਨਾਂ ਨੇ ਸਾਬਤ-ਸੂਰਤ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਵੀ ਲਿਆ।
ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਵਿਸ਼ੇਸ਼ ਬੱਸ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ ਅਤੇ ਲੋਕਾਂ ਨੇ ਇਸ ਪ੍ਰਤੀ ਵੀ ਭਰਪੂਰ ਉਤਸ਼ਾਹ ਦਿਖਾਇਆ।
Get all latest content delivered to your email a few times a month.