ਤਾਜਾ ਖਬਰਾਂ
ਪੰਜਾਬ ਦੇ 11 ਸਾਲ ਪੁਰਾਣੇ ਬਹੁ-ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਮਾਮਲਾ ਚੰਡੀਗੜ੍ਹ ਅਦਾਲਤ ਵਿੱਚ ਟ੍ਰਾਂਸਫਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਹਾਲ ਹੀ ਵਿੱਚ ਅਦਾਲਤ ਤੋਂ ਮਨਜ਼ੂਰੀ ਲੈ ਕੇ ਵਿਦੇਸ਼ ਗਏ ਸਨ। ਵਿਦੇਸ਼ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਦੌਰਾਨ ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਰਾਏ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਕੀ ਹੈ ਪੂਰਾ ਮਾਮਲਾ?
14 ਅਕਤੂਬਰ, 2015 ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਰੋਸ ਸਰੂਪ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸੰਗਤਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਸੀ।
ਬਹਿਬਲ ਕਲਾਂ ਫਾਇਰਿੰਗ ਵਿੱਚ ਪਿੰਡ ਸਰਾਂਵਾਂ ਦੇ ਗੁਰਜੀਤ ਸਿੰਘ ਅਤੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਵਿਖੇ ਹੋਈ ਗੋਲੀਬਾਰੀ ਵਿੱਚ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 17 ਅਕਤੂਬਰ, 2026 ਦੀ ਤਾਰੀਖ਼ ਨਿਸ਼ਚਿਤ ਕੀਤੀ ਹੈ।
ਦੂਜੇ ਪਾਸੇ, ਮਾਮਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਸਮਾਪਤ ਹੋ ਚੁੱਕੀ ਹੈ। ਫਿਲਹਾਲ ਅਦਾਲਤ ਵਿੱਚ ਬਾਕੀ ਮੁਲਜ਼ਮਾਂ ਨਾਲ ਸਬੰਧਤ ਮਾਮਲਿਆਂ ਅਤੇ ਲੰਬਿਤ ਅਰਜ਼ੀਆਂ 'ਤੇ ਸੁਣਵਾਈ ਜਾਰੀ ਹੈ।
Get all latest content delivered to your email a few times a month.