ਤਾਜਾ ਖਬਰਾਂ
ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਿੱਖ ਨੌਜਵਾਨ ਮੋਹਣਜੀਤ ਸਿੰਘ ਨਾਲ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ 'ਮੀਰੀ ਪੀਰੀ ਖ਼ਾਲਸਾ ਮਾਰਚ' ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਜਥੇਦਾਰ ਗੜਗੱਜ ਨੇ ਦੱਸਿਆ ਕਿ ਨੌਜਵਾਨ ਨੇ ਮੁੱਖ ਮੰਤਰੀ ਦੇ ਦੌਰੇ ਦੌਰਾਨ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾ ਕੇ ਨਸ਼ਿਆਂ ਖ਼ਿਲਾਫ਼ ਰੋਸ ਪ੍ਰਗਟਾਇਆ ਸੀ, ਜੋ ਉਸ ਦਾ ਜਮਹੂਰੀ ਹੱਕ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਥਾਨਕ ਡੀ.ਐੱਸ.ਪੀ. ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਨੇ ਨੌਜਵਾਨ ਨੂੰ ਧੂਹ ਕੇ ਹਿਰਾਸਤ 'ਚ ਲਿਆ ਅਤੇ ਬਾਅਦ 'ਚ ਉਸ 'ਤੇ ਅਣਮਨੁੱਖੀ ਤਸ਼ੱਦਦ ਕੀਤਾ। ਨੌਜਵਾਨ ਦੇ ਕੇਸਾਂ-ਦਾੜ੍ਹੇ ਦੀ ਬੇਅਦਬੀ ਕੀਤੀ ਗਈ, ਕਛਹਿਰਾ ਪਾੜਿਆ ਗਿਆ ਅਤੇ ਲੱਕ 'ਤੇ ਤਾਰਾਂ ਵਾਲਾ ਬੁਰਸ਼ ਮਾਰ ਕੇ ਲੂਣ ਪਾਇਆ ਗਿਆ। ਜਥੇਦਾਰ ਨੇ ਮੌਜੂਦਾ ਸਰਕਾਰ ਦੀ ਤੁਲਨਾ 'ਜ਼ਕਰੀਆ ਖ਼ਾਨ' ਦੇ ਰਾਜ ਨਾਲ ਕਰਦਿਆਂ ਕਿਹਾ ਕਿ ਪੰਜਾਬ 'ਚ ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਰਹੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਸੰਗਰੂਰ ਦੇ ਪੁਲਿਸ ਕਪਤਾਨ (SSP) ਨਾਲ ਗੱਲਬਾਤ ਕੀਤੀ ਗਈ ਹੈ ਅਤੇ ਮੰਗ ਕੀਤੀ ਗਈ ਹੈ ਕਿ ਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਡੀ.ਐੱਸ.ਪੀ. ਅਤੇ ਥਾਣਾ ਮੁਖੀ ਨੂੰ ਤੁਰੰਤ ਬਰਖ਼ਾਸਤ ਕਰਕੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪੀੜਤ ਦੇ ਨਾਲ ਚਟਾਨ ਵਾਂਗ ਖੜ੍ਹੇਗਾ।
ਜਥੇਦਾਰ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਦੇ ਹਰ ਪਿੰਡ 'ਚੋਂ 10 ਤੋਂ 15 ਨੌਜਵਾਨ 'ਚਿੱਟੇ' ਦੀ ਗ੍ਰਿਫ਼ਤ 'ਚ ਹਨ ਅਤੇ ਸਰਕਾਰ ਦੀ ਨੱਕ ਹੇਠ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਗੁਰੂ ਦੇ ਲੜ ਲੱਗਣ ਅਤੇ ਸ੍ਰੀ ਅਨੰਦਪੁਰ ਸਾਹਿਬ ਵੱਲ ਘਰ ਵਾਪਸੀ ਕਰਨ ਦੀ ਅਪੀਲ ਕੀਤੀ।
Get all latest content delivered to your email a few times a month.