ਤਾਜਾ ਖਬਰਾਂ
ਅਜੇਪਾਲ ਸਿੰਘ ਬਰਾੜ ਨੇ ਦਾਅਵਾ ਕੀਤਾ ਕਿ ਪਿੰਡ ਸ਼ੇਰੋਂ ਦੇ ਰਹਿਣ ਵਾਲੇ ਸ. ਮੋਹਨਜੀਤ ਸਿੰਘ ਨੇ ਮੁੱਖ ਮੰਤਰੀ ਪੰਜਾਬ ਦੇ ਵਿਰੋਧ ਵਿੱਚ ਆਪਣੇ ਘਰ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਸਰਕਾਰ ਜਾਂ ਸਿਆਸੀ ਆਗੂ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਾ ਨਾਗਰਿਕ ਦਾ ਜਮਹੂਰੀ ਹੱਕ ਹੈ।
ਬਰਾੜ ਨੇ ਦੋਸ਼ ਲਗਾਇਆ ਕਿ ਇਸ ਦੇ ਜਵਾਬ ਵਿੱਚ ਨੌਜਵਾਨ ਨਾਲ ਕਥਿਤ ਤੌਰ ’ਤੇ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਘਟਨਾ ਦੌਰਾਨ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਹੋਈ, ਜਿਸ ਨੂੰ ਉਨ੍ਹਾਂ ਗੰਭੀਰ ਮਾਮਲਾ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਕਿਸੇ ਵੀ ਨਾਗਰਿਕ ਦੇ ਜਮਹੂਰੀ ਜਾਂ ਧਾਰਮਿਕ ਹੱਕਾਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਮੰਗ ਕੀਤੀ ਕਿ ਜੇਕਰ ਜਾਂਚ ਵਿੱਚ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮਿਸਲ ਸਤਲੁਜ ਦੇ ਪ੍ਰਧਾਨ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਸੰਗਰੂਰ ਦੇ ਪੁਲਿਸ ਮੁਖੀ ਕੋਲ ਵੀ ਨਿਰਪੱਖ ਜਾਂਚ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਥਿਤ ਤੌਰ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਵਿੱਚ ਸ਼ਾਮਲ ਸਾਰੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ।
ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਕਾਨੂੰਨ ਦੀ ਨਜ਼ਰ ਵਿੱਚ ਹਰ ਨਾਗਰਿਕ ਬਰਾਬਰ ਹੈ ਅਤੇ ਕਿਸੇ ਵੀ ਅਧਿਕਾਰੀ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਹੱਕ ਨਹੀਂ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਦਬਾਉਣ ਦੀ ਬਜਾਏ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਐੱਫਆਈਆਰ ਸਮੇਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪੀੜਤ ਨੌਜਵਾਨ ਅਤੇ ਉਸਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਇਸ ਮਾਮਲੇ ਨੂੰ ਉਠਾਉਂਦੀ ਰਹੇਗੀ।
Get all latest content delivered to your email a few times a month.