ਤਾਜਾ ਖਬਰਾਂ
ਰਾਜਾਸਾਂਸੀ ਦੇ ਪਿੰਡ ਕੜਿਆਲ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਕਰਨ ਤੋਂ ਬਾਅਦ ਦੋ ਪਰਿਵਾਰਾਂ ਨੂੰ ਕਥਿਤ ਤੌਰ ’ਤੇ ਹਮਲੇ ਦਾ ਸਾਹਮਣਾ ਕਰਨਾ ਪਿਆ। ਪੀੜਤਾਂ ਦੇ ਮੁਤਾਬਕ ਕੁਝ ਵਿਅਕਤੀਆਂ ਨੇ ਦੋ ਭਰਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ। ਘਟਨਾ ਤੋਂ ਬਾਅਦ ਪਿੰਡ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਘਰਾਂ ’ਤੇ ਪਹਿਲਾਂ ਵੀ ਦੋ ਵਾਰ ਹਮਲੇ ਹੋ ਚੁੱਕੇ ਹਨ। ਪਰਿਵਾਰ ਮੁਤਾਬਕ ਐੱਸਐੱਸਪੀ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਕਥਿਤ ਹਮਲਾਵਰ ਹੋਰ ਭੜਕ ਗਏ ਅਤੇ ਇਸ ਵਾਰ ਦੋਵਾਂ ਭਰਾਵਾਂ ਦੇ ਘਰਾਂ ਵਿੱਚ ਦਾਖ਼ਲ ਹੋ ਕੇ ਤੋੜਫੋੜ ਅਤੇ ਸਾੜਫੂਕ ਕੀਤੀ।
ਪਰਿਵਾਰ ਦੀਆਂ ਮਹਿਲਾਵਾਂ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਹ ਘਰ ਵਿੱਚ ਸ਼ਾਮ ਦੀ ਰੋਟੀ ਤਿਆਰ ਕਰ ਰਹੀਆਂ ਸਨ। ਇਸੇ ਦੌਰਾਨ ਕੁਝ ਵਿਅਕਤੀਆਂ ਨੇ ਕਥਿਤ ਤੌਰ ’ਤੇ ਘਰ ਵਿੱਚ ਦਾਖ਼ਲ ਹੋ ਕੇ ਸਾਮਾਨ ਦੀ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।
ਪੀੜਤਾਂ ਮੁਤਾਬਕ ਘਰ ਵਿੱਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ, ਜਦਕਿ ਕੁਝ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਲਗਾਤਾਰ ਧੱਕਾ ਹੋ ਰਿਹਾ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪਰਿਵਾਰ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਆਰਥਿਕ ਮਦਦ ਦੀ ਮੰਗ ਵੀ ਕੀਤੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਦੋਵਾਂ ਭਰਾਵਾਂ ਦੇ ਘਰਾਂ ਨੂੰ ਅੱਗ ਲਗਾਉਣ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਮੁਤਾਬਕ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਪੁਲਿਸ ਦਾ ਕਹਿਣਾ ਹੈ ਕਿ ਇੱਕ ਮਾਮੂਲੀ ਵਿਵਾਦ ਤੋਂ ਬਾਅਦ ਮਾਮਲਾ ਹਿੰਸਕ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
Get all latest content delivered to your email a few times a month.