ਤਾਜਾ ਖਬਰਾਂ
ਅਜਨਾਲਾ ਅਧੀਨ ਪੈਂਦੇ ਪਿੰਡ ਤੇੜਾ ਰਾਜਪੂਤਾਂ ਵਿੱਚ ਉਸ ਵੇਲੇ ਖ਼ੌਫ਼ ਦਾ ਮਾਹੌਲ ਬਣ ਗਿਆ, ਜਦੋਂ ਦੋ ਬੱਚਿਆਂ ਦੇ ਪਿਤਾ ਦਾ ਦਿਨ-ਦਿਹਾੜੇ ਕਥਿਤ ਤੌਰ 'ਤੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (ਪੁੱਤਰ ਸ਼ਿੰਦਾ ਸਿੰਘ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਲਜੀਤ ਦਿਹਾੜੀ-ਮਜ਼ਦੂਰੀ ਦਾ ਕੰਮ ਨਿਬੇੜ ਕੇ ਆਪਣੇ ਘਰ ਵੱਲ ਜਾ ਰਿਹਾ ਸੀ, ਜਦੋਂ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਗੰਭੀਰ ਦੋਸ਼ ਲਾਉਂਦਿਆਂ ਦੱਸਿਆ ਕਿ ਬੀਤੇ ਦਿਨ ਹੀ ਮੁਲਜ਼ਮਾਂ ਵੱਲੋਂ ਕੁਲਜੀਤ ਦੇ ਵੱਡੇ ਭਰਾ ਸੱਤਾ ਸਿੰਘ ਦੀ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ। ਪਰਿਵਾਰ ਅਨੁਸਾਰ ਉਸੇ ਰੰਜਿਸ਼ ਤਹਿਤ ਅੱਜ ਛੋਟੇ ਭਰਾ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪੀੜਤਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਮੁੱਖ ਅਫ਼ਸਰ (SHO) ਅਜੇਪਾਲ ਸਿੰਘ ਪੁਲਿਸ ਫੋਰਸ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਐੱਚ.ਓ. ਅਜੇਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਲਈ ਸਿਵਲ ਹਸਪਤਾਲ ਅਜਨਾਲਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.