IMG-LOGO
ਹੋਮ ਪੰਜਾਬ: ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ...

ਮੰਤਰੀ ਹਰਪਾਲ ਚੀਮਾ ਨੇ ਰਾਜ ਸਰਕਾਰ ਨਾਲ ਮਸ਼ਵਰੇ ਤੋਂ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਿਯੁਕਤ ਕਰਨ...

Admin User - Sep 06, 2026 08:10 PM
IMG

ਚੰਡੀਗੜ੍ਹ / ਜਲੰਧਰ 6 ਸਤੰਬਰ-

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਪੰਜਾਬ ਸਰਕਾਰ ਨਾਲ ਬਿਨਾਂ ਕੋਈ ਮਸ਼ਵਰਾ ਕੀਤੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਿਯੁਕਤੀ ਕੀਤੀ ਗਈ ਹੈ, ਉਸ ਨੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਕੇਂਦਰ ਦੇ ਸਤਿਕਾਰ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨਾਲ 'ਆਪ' ਆਗੂ ਤਰਨਪ੍ਰੀਤ ਸਿੰਘ ਸੰਨੀ ਵੀ ਮੌਜੂਦ ਸਨ।

ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਯੁਕਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ, "ਜਿਸ ਢੰਗ ਨਾਲ ਇਹ ਨਿਯੁਕਤੀ ਕੀਤੀ ਗਈ ਹੈ, ਉਹ ਪੰਜਾਬ ਦੇ ਸੰਵਿਧਾਨਕ ਹੱਕਾਂ ਅਤੇ ਦੇਸ਼ ਦੇ ਸੰਘੀ ਢਾਂਚੇ ਪ੍ਰਤੀ ਕੇਂਦਰ ਦੇ ਸਤਿਕਾਰ 'ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਨਿਯੁਕਤੀ ਤੈਅ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਆਪਣੇ ਵਿਚਾਰ ਪੇਸ਼ ਕਰਨ ਦਾ ਅਵਸਰ ਹੀ ਨਹੀਂ ਦਿੱਤਾ ਗਿਆ।"

ਮੰਤਰੀ ਨੇ ਕਿਹਾ ਕਿ ਇਹ ਮਾਮਲਾ ਇਸ ਲਈ ਵੀ ਬਹੁਤ ਗੰਭੀਰ ਹੈ ਕਿਉਂਕਿ ਅਜਿਹੀਆਂ ਨਿਯੁਕਤੀਆਂ ਨੂੰ ਨਿਯੰਤਰਿਤ ਕਰਨ ਵਾਲੀ ਪ੍ਰਕਿਰਿਆ ਦੇ ਯਾਦਪੱਤਰ (ਮੈਮੋਰੰਡਮ ਆਫ਼ ਪ੍ਰੋਸੀਜਰ ) ਵਿੱਚ ਸਬੰਧਤ ਰਾਜ ਸਰਕਾਰ ਦੇ ਵਿਚਾਰਾਂ ਨੂੰ ਧਿਆਨ ਵਿੱਚ ਰੱਖਣ ਦਾ ਸਪੱਸ਼ਟ ਪ੍ਰਬੰਧ ਹੈ। ਉਨ੍ਹਾਂ ਕਿਹਾ, "ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 12 ਅਗਸਤ 2026 ਨੂੰ ਭੇਜੀ ਗਈ ਚਿੱਠੀ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦੀ ਚਿੱਠੀ, ਦੋਵਾਂ ਵਿੱਚ ਹੀ ਇਸ ਸਬੰਧਤ ਪ੍ਰਕਿਰਿਆ ਦਾ ਜ਼ਿਕਰ ਕੀਤਾ ਗਿਆ ਸੀ।"

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਨਿਯਮਾਂ ਅਨੁਸਾਰ ਰਾਜ ਸਰਕਾਰ ਦੀ ਰਾਏ ਲਿਆ ਜਾਣਾ ਲਾਜ਼ਮੀ ਹੋਣ ਦੇ ਬਾਵਜੂਦ, ਮੁੱਖ ਜੱਜ ਦੀ ਨਿਯੁਕਤੀ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਕੋਈ ਮਸ਼ਵਰਾ ਨਹੀਂ ਕੀਤਾ ਗਿਆ। ਇਹ ਸਿਰਫ਼ ਇੱਕ ਨਿਯੁਕਤੀ ਦਾ ਮੁੱਦਾ ਨਹੀਂ ਹੈ, ਬਲਕਿ ਇਹ ਪੰਜਾਬ ਦੇ ਅਧਿਕਾਰਾਂ ਅਤੇ ਸੰਵਿਧਾਨਕ ਸੰਘੀ ਢਾਂਚੇ ਦਾ ਮੁੱਦਾ ਹੈ।"


ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਤਤਕਾਲੀ ਸਭ ਤੋਂ ਸੀਨੀਅਰ ਜੱਜ, ਜਸਟਿਸ ਜੀਐੱਸ ਸੰਧਾਵਾਲੀਆ ਬਾਰੇ ਕੇਂਦਰ ਸਰਕਾਰ ਦੇ ਪਿਛਲੇ ਰਵੱਈਏ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਯਾਦ ਕਰਵਾਇਆ, "ਸੁਪਰੀਮ ਕੋਰਟ ਕੋਲੇਜੀਅਮ ਨੇ ਜੁਲਾਈ 2024 ਵਿੱਚ ਜਸਟਿਸ ਸੰਧਾਵਾਲੀਆ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਇਸ ਨਿਯੁਕਤੀ ਨੂੰ ਦੋ ਮਹੀਨਿਆਂ ਤੋਂ ਵੱਧ ਸਮੇਂ ਤੱਕ ਲਮਕਾ ਕੇ ਰੱਖਿਆ ਗਿਆ।"


ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੋਲੇਜੀਅਮ ਦੀ ਸਿਫ਼ਾਰਸ਼ ਦੇ ਬਾਵਜੂਦ ਜਸਟਿਸ ਜੀਐੱਸ ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਵਿੱਚ ਦੇਰੀ ਕਿਉਂ ਕੀਤੀ ਗਈ, ਜਦੋਂ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਸਰਕਾਰ ਨਾਲ ਸਲਾਹ ਕੀਤੇ ਬਿਨਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਗਿਆ?"


ਉਨ੍ਹਾਂ ਕਿਹਾ, "ਇਹ ਇੱਕ ਬੁਨਿਆਦੀ ਸਵਾਲ ਖੜ੍ਹਾ ਕਰਦਾ ਹੈ: ਜੇਕਰ ਰਾਜ ਸਰਕਾਰ ਦੀ ਸਲਾਹ ਨਿਰਧਾਰਤ ਪ੍ਰਕਿਰਿਆ ਦਾ ਹਿੱਸਾ ਹੈ, ਤਾਂ ਪੰਜਾਬ ਦੀ ਚੁਣੀ ਹੋਈ ਸਰਕਾਰ ਨਾਲ ਮਸ਼ਵਰਾ ਕਿਉਂ ਨਹੀਂ ਕੀਤਾ ਗਿਆ? ਮੁੱਖ ਮੰਤਰੀ ਤਿੰਨ ਕਰੋੜ ਪੰਜਾਬੀਆਂ ਦੇ ਜਨਾਦੇਸ਼ ਦੀ ਨੁਮਾਇੰਦਗੀ ਕਰਦੇ ਹਨ। ਚੁਣੀ ਹੋਈ ਰਾਜ ਸਰਕਾਰ ਨੂੰ ਅਣਗੌਲਿਆ ਕਰਨਾ ਨਾ ਸਿਰਫ਼ ਮੁੱਖ ਮੰਤਰੀ ਦਾ, ਸਗੋਂ ਪੰਜਾਬ ਦੇ ਲੋਕਾਂ ਦਾ ਵੀ ਅਪਮਾਨ ਹੈ।"


ਮੰਤਰੀ ਨੇ ਅੱਗੇ ਦੱਸਿਆ, "ਇਸ ਮੁੱਦੇ 'ਤੇ ਪੰਜਾਬ ਕੈਬਨਿਟ ਵਿੱਚ ਤੁਰੰਤ ਚਰਚਾ ਦੀ ਲੋੜ ਸੀ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ ਐਤਵਾਰ ਸ਼ਾਮ 4 ਵਜੇ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ।"


ਇਸ ਨਿਯੁਕਤੀ ਨੂੰ ਰਾਜ ਦੇ ਅਧਿਕਾਰਾਂ ਨਾਲ ਜੁੜਿਆ ਇੱਕ ਗੰਭੀਰ ਮੁੱਦਾ ਕਰਾਰ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੰਵਿਧਾਨ ਇੱਕ ਅਜਿਹਾ ਸੰਘੀ ਢਾਂਚਾ ਕਾਇਮ ਕਰਦਾ ਹੈ ਜਿਸ ਵਿੱਚ ਕੇਂਦਰ ਅਤੇ ਰਾਜਾਂ ਦੋਵਾਂ ਦੇ ਅਧਿਕਾਰ ਸਪੱਸ਼ਟ ਤੌਰ 'ਤੇ ਨਿਰਧਾਰਤ ਹਨ। ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰਾਂ ਵਿੱਚ ਵਾਰ-ਵਾਰ ਦਖ਼ਲ ਨਹੀਂ ਦੇ ਸਕਦੀ। ਪੰਜਾਬ ਸਰਕਾਰ ਆਪਣੇ ਸੰਵਿਧਾਨਕ ਹੱਕਾਂ ਅਤੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਪੁਰਜ਼ੋਰ ਆਵਾਜ਼ ਬੁਲੰਦ ਕਰੇਗੀ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.