ਤਾਜਾ ਖਬਰਾਂ
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ (7 ਸਤੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਪਦ ਅਤੇ ਭੇਦਗੁਪਤਤਾ ਦੀ ਸਹੁੰ ਚੁਕਾਈ। ਜਸਟਿਸ ਮਿਸ਼ਰਾ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਚੀਫ਼ ਜਸਟਿਸ ਸਨ, ਜਿਨ੍ਹਾਂ ਦੀ ਜੂਨ 2026 ਵਿੱਚ ਸੁਪਰੀਮ ਕੋਰਟ ਦੇ ਜੱਜ ਵਜੋਂ ਤਾਇਨਾਤੀ ਹੋਈ ਸੀ।
ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਪੂਰਨ ਵਿਰੋਧ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦਾ ਤਰਕ ਸੀ ਕਿ ਇਸ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਤੋਂ ਕੋਈ ਸਹਿਮਤੀ ਨਹੀਂ ਲਈ ਗਈ, ਜਿਸ ਕਾਰਨ ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਰੋਕਣ ਦੀ ਮੰਗ ਵੀ ਕੀਤੀ ਸੀ। ਇਸੇ ਵਿਰੋਧ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਜਾਂ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋਇਆ। ਦੂਜੇ ਪਾਸੇ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਸਮਾਗਮ ਵਿੱਚ ਮੌਜੂਦ ਰਹੇ।
ਇਸ ਤੋਂ ਇੱਕ ਦਿਨ ਪਹਿਲਾਂ, ਐਤਵਾਰ (6 ਸਤੰਬਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੰਗਾਮੀ ਕੈਬਨਿਟ ਮੀਟਿੰਗ ਬੁਲਾ ਕੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਖ਼ਿਲਾਫ਼ ਮਤਾ ਪਾਸ ਕੀਤਾ ਸੀ। ਇਸ ਮਤੇ ਵਿੱਚ ਕਿਹਾ ਗਿਆ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਹੀਂ ਮਿਲ ਜਾਂਦੀ, ਉਦੋਂ ਤੱਕ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ। ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਵੀ ਅਪੀਲ ਕੀਤੀ ਸੀ।
Get all latest content delivered to your email a few times a month.