ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਨਵੇਂ ਇੰਚਾਰਜ ਦੀ ਨਿਯੁਕਤੀ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪਾਇਲਟ ਨੂੰ ਪੰਜਾਬ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਪਹਿਲੀ ਰਸਮੀ ਬੈਠਕ ਸੀ। ਇਸ ਮੌਕੇ ਰਾਜਾ ਵੜਿੰਗ ਨੇ ਸਚਿਨ ਪਾਇਲਟ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਬੈਠਕ ਦੌਰਾਨ ਪੰਜਾਬ ਵਿੱਚ ਹੋਣ ਵਾਲੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਕਾਂਗਰਸ ਦੀ ਸਰਗਰਮੀ ਵਧਾਉਣ ਸਮੇਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਰਹੇ।
ਸੂਤਰਾਂ ਮੁਤਾਬਕ ਸਚਿਨ ਪਾਇਲਟ ਜਲਦ ਹੀ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਉਹ ਪਾਰਟੀ ਦੇ ਸੀਨੀਅਰ ਆਗੂਆਂ, ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਹੋਰ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਸੂਬੇ ਦੀ ਸਿਆਸੀ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਅਗਲੇ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਕੀਤਾ ਜਾਵੇਗਾ।
ਕਾਂਗਰਸ ਆਗੂ ਰਾਹੁਲ ਗਾਂਧੀ ਦੇ ਇਸੇ ਮਹੀਨੇ ਹੋਣ ਵਾਲੇ ਸੰਭਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਦੀ ਪੰਜਾਬ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਪੱਧਰ ’ਤੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋਣ ਦੀ ਵੀ ਜਾਣਕਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਨ ਨੇ 5 ਸਤੰਬਰ ਨੂੰ ਵੱਡਾ ਜਥੇਬੰਦਕ ਫੇਰਬਦਲ ਕਰਦਿਆਂ ਭੁਪੇਸ਼ ਬਘੇਲ ਦੀ ਥਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਹੈ। ਭੁਪੇਸ਼ ਬਘੇਲ ਨੂੰ ਹੁਣ ਅਸਾਮ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਨਵੇਂ ਇੰਚਾਰਜ ਲਈ ਵੱਡੀ ਚੁਣੌਤੀ ਹੋਵੇਗੀ। ਖਾਸ ਕਰਕੇ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਸਿਆਸੀ ਮਤਭੇਦਾਂ ਦੇ ਮੱਦੇਨਜ਼ਰ ਪਾਰਟੀ ਨੂੰ ਇਕਜੁੱਟ ਕਰਨਾ ਪਾਇਲਟ ਲਈ ਅਹਿਮ ਟਾਸਕ ਮੰਨਿਆ ਜਾ ਰਿਹਾ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਹਨ ਕਿ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਨੂੰ ਇੱਕਜੁੱਟ ਕਰਕੇ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਿੰਨਾ ਮਜ਼ਬੂਤ ਕਰ ਸਕਦੇ ਹਨ।
Get all latest content delivered to your email a few times a month.