ਤਾਜਾ ਖਬਰਾਂ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਹੁਣ ਪੂਰੀ ਤਰ੍ਹਾਂ ਵਿਰਾਮ ਲੱਗ ਗਿਆ ਹੈ। ਉਨ੍ਹਾਂ ਦੀ ਧੀ ਅਤੇ ਭਾਰਤੀ ਜਨਤਾ ਪਾਰਟੀ ਦੀ ਆਗੂ ਜੈਇੰਦਰ ਕੌਰ ਨੇ ਇਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ (BJP) ਵਿੱਚ ਹੀ ਹਨ ਅਤੇ ਉਹ ਕਿਤੇ ਨਹੀਂ ਜਾ ਰਹੇ।
ਅਫ਼ਵਾਹਾਂ ਦਾ ਕੀਤਾ ਖੰਡਨ
ਜੈਇੰਦਰ ਕੌਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਵਾਪਸ ਜਾਣ ਦੀਆਂ ਖ਼ਬਰਾਂ 'ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ, "ਕੈਪਟਨ ਸਾਹਿਬ ਪਹਿਲਾਂ ਵੀ ਭਾਰਤੀ ਜਨਤਾ ਪਾਰਟੀ ਵਿੱਚ ਸਨ, ਅੱਜ ਵੀ ਭਾਜਪਾ ਵਿੱਚ ਹਨ ਅਤੇ ਅੱਗੇ ਵੀ ਭਾਜਪਾ ਵਿੱਚ ਹੀ ਰਹਿਣਗੇ। ਉਨ੍ਹਾਂ ਦੇ ਪਾਰਟੀ ਬਦਲਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।"
ਕਾਂਗਰਸ 'ਤੇ ਸਾਧਿਆ ਨਿਸ਼ਾਨਾ
ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਜੈਇੰਦਰ ਕੌਰ ਨੇ ਕਿਹਾ ਕਿ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਅਤੇ ਲੜਾਈ-ਝਗੜੇ ਤੋਂ ਇਲਾਵਾ ਕੁਝ ਨਹੀਂ ਬਚਿਆ ਹੈ। ਅਜਿਹੇ ਮਾਹੌਲ ਵਿੱਚ ਉੱਥੇ ਵਾਪਸ ਜਾਣ ਦਾ ਕੋਈ ਮਤਲਬ ਹੀ ਨਹੀਂ ਬਣਦਾ।
ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਸਿਆਸੀ ਗਲਿਆਰਿਆਂ 'ਚ ਇਹ ਚਰਚਾ ਜ਼ੋਰਾਂ 'ਤੇ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਆਪਣੀ ਪੁਰਾਣੀ ਪਾਰਟੀ ਕਾਂਗਰਸ 'ਚ ਘਰ ਵਾਪਸੀ ਕਰ ਸਕਦੇ ਹਨ, ਪਰ ਹੁਣ ਉਨ੍ਹਾਂ ਦੇ ਪਰਿਵਾਰ ਵੱਲੋਂ ਦਿੱਤੇ ਗਏ ਇਸ ਸਪੱਸ਼ਟ ਬਿਆਨ ਨੇ ਸਾਰੇ ਅਟਕਲਾਂ 'ਤੇ ਪੂਰਨ ਵਿਰਾਮ ਲਗਾ ਦਿੱਤਾ ਹੈ।
Get all latest content delivered to your email a few times a month.