ਤਾਜਾ ਖਬਰਾਂ
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਾਮੀ ਬੋਰਡਿੰਗ ਸਕੂਲ ਵਿੱਚ 9ਵੀਂ ਕਲਾਸ ਦੇ ਇੱਕ ਸਿੱਖ ਬੱਚੇ ਨਾਲ ਰੈਗਿੰਗ ਅਤੇ ਭਾਰੀ ਤਸ਼ੱਦਦ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਆਰੋਪ ਹਨ ਕਿ 11ਵੀਂ ਅਤੇ 12ਵੀਂ ਕਲਾਸ ਦੇ 5 ਸੀਨੀਅਰ ਵਿਦਿਆਰਥੀਆਂ ਵੱਲੋਂ ਪਿਛਲੇ 4 ਮਹੀਨਿਆਂ ਤੋਂ ਪੀੜਤ ਬੱਚੇ ਨੂੰ ਡਰਾਇਆ-ਧਮਕਾਇਆ ਜਾ ਰਿਹਾ ਸੀ, ਉਸ ਦੀ ਕੁੱਟਮਾਰ ਕੀਤੀ ਗਈ ਅਤੇ ਥੱਪੜ ਮਾਰੇ ਗਏ। ਇੰਨਾ ਹੀ ਨਹੀਂ, ਘਟਨਾ ਦੇ ਵੀਡੀਓ Snapchat 'ਤੇ ਵੀ ਪੋਸਟ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਮਾਪਿਆਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਰੋਸ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ 'ਤੇ ਡੂੰਘੇ ਰੋੋਸ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਬੱਚੇ ਦੀ ਸੁਰੱਖਿਆ ਅਤੇ ਅਨੁਸ਼ਾਸਨ ਕਾਇਮ ਰੱਖਣਾ ਸਕੂਲ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਸੀ। ਜਥੇਦਾਰ ਨੇ ਪੀੜਤ ਬੱਚੇ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੜ੍ਹਦੀ ਕਲਾ 'ਚ ਰਹਿਣ ਦਾ ਸੰਦੇਸ਼ ਦਿੱਤਾ ਅਤੇ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹਾ ਹੈ।
ਮੀਡੀਆ ਨੂੰ ਬੱਚੇ ਦੀ ਪਛਾਣ ਗੁਪਤ ਰੱਖਣ ਦੀ ਅਪੀਲ
ਜਥੇਦਾਰ ਗੜਗੱਜ ਨੇ ਸਮੂਹ ਮੀਡੀਆ, ਵੈੱਬ ਚੈਨਲਾਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਅਪੀਲ ਕੀਤੀ ਹੈ ਕਿ ਵਾਇਰਲ ਵੀਡੀਓ ਨੂੰ ਪ੍ਰਸਾਰਿਤ ਨਾ ਕੀਤਾ ਜਾਵੇ ਅਤੇ ਨਾ ਹੀ ਬੱਚੇ ਦੀ ਪਛਾਣ ਜਨਤਕ ਕੀਤੀ ਜਾਵੇ, ਕਿਉਂਕਿ ਇਹ ਉਸ ਦੇ ਮਾਨਸਿਕ ਨਿਘਾਰ ਅਤੇ ਭਵਿੱਖ ਨਾਲ ਜੁੜਿਆ ਹੋਇਆ ਨਾਜ਼ੁਕ ਮਾਮਲਾ ਹੈ।
ਸਕੂਲ ਪ੍ਰਿੰਸੀਪਲ 'ਤੇ ਐਕਸ਼ਨ ਦੀ ਮੰਗ
ਘਟਨਾ ਵਿੱਚ ਸਕੂਲ ਪ੍ਰਸ਼ਾਸਨ ਦੀ ਭੂਮਿਕਾ 'ਤੇ ਸਵਾਲ ਚੁੱਕਦਿਆਂ ਜਥੇਦਾਰ ਨੇ ਕਿਹਾ ਕਿ ਪ੍ਰਿੰਸੀਪਲ ਦਾ ਰਵੱਈਆ ਬਹੁਤ ਗ਼ੈਰ-ਸੰਜੀਦਾ ਰਿਹਾ ਹੈ। ਮਾਪਿਆਂ ਦੀਆਂ ਸ਼ਿਕਾਇਤਾਂ ਨੂੰ ਦੇਖਦਿਆਂ ਉਨ੍ਹਾਂ ਸਕੂਲ ਪ੍ਰਸ਼ਾਸਨ ਨਾਲ ਗੱਲ ਕਰਕੇ ਅਜਿਹੇ ਪ੍ਰਿੰਸੀਪਲ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਸਕੂਲ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਇੱਕ ਹਫ਼ਤੇ ਦੇ ਅੰਦਰ ਪ੍ਰਿੰਸੀਪਲ ਨੂੰ ਬਦਲ ਦਿੱਤਾ ਜਾਵੇਗਾ।
Get all latest content delivered to your email a few times a month.