ਤਾਜਾ ਖਬਰਾਂ
ਐਡਵੋਕੇਟ ਧਾਮੀ ਨੇ ਕਿਹਾ ਕਿ ਰੈਗਿੰਗ ਕਿਸੇ ਵੀ ਹਾਲਤ ਵਿੱਚ ਸਵੀਕਾਰਯੋਗ ਨਹੀਂ ਹੈ। ਅਜਿਹੀਆਂ ਘਟਨਾਵਾਂ ਨਾ ਸਿਰਫ਼ ਵਿਦਿਆਰਥੀਆਂ ਦੇ ਮਨੋਬਲ ਨੂੰ ਪ੍ਰਭਾਵਿਤ ਕਰਦੀਆਂ ਹਨ, ਸਗੋਂ ਉਨ੍ਹਾਂ ਦੀ ਮਾਨਸਿਕ ਸਿਹਤ ਅਤੇ ਭਵਿੱਖ ’ਤੇ ਵੀ ਮਾੜਾ ਅਸਰ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਘਟਨਾ ਨਾਲ ਸਬੰਧਤ ਸਾਹਮਣੇ ਆਈ ਵੀਡੀਓ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਹੋਰ ਉਜਾਗਰ ਕੀਤਾ ਹੈ।
ਉਨ੍ਹਾਂ ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਜਾ ਰਹੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪੂਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜਿਹੜੇ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ਦੀ ਜ਼ਿੰਮੇਵਾਰੀ ਤੈਅ ਕਰਨਾ ਕਾਫ਼ੀ ਨਹੀਂ ਹੋਵੇਗਾ। ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਘਟਨਾ ਨੂੰ ਰੋਕਣ ਜਾਂ ਵਿਦਿਆਰਥੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਮੇਂ ਸਿਰ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਵਿਰੁੱਧ ਵੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਰੈਗਿੰਗ ਦੇ ਨਾਂ ’ਤੇ ਤੰਗ-ਪ੍ਰੇਸ਼ਾਨ ਕਰਨਾ ਗੰਭੀਰ ਗਲਤ ਵਰਤਾਰਾ ਹੈ ਅਤੇ ਕਿਸੇ ਵਿਸ਼ੇਸ਼ ਧਾਰਮਿਕ ਪਛਾਣ ਵਾਲੇ ਬੱਚੇ ਨੂੰ ਨਿਸ਼ਾਨਾ ਬਣਾਉਣਾ ਹੋਰ ਵੀ ਚਿੰਤਾਜਨਕ ਹੈ। ਉਨ੍ਹਾਂ ਹਿਮਾਚਲ ਸਰਕਾਰ ਅਤੇ ਸਕੂਲ ਪ੍ਰਬੰਧਨ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨਾਲ ਹੀ ਕਿਹਾ ਕਿ ਬੋਰਡਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਲਈ ਮੌਜੂਦਾ ਪ੍ਰਬੰਧਾਂ ਦੀ ਸਮੀਖਿਆ ਕਰਕੇ ਰੈਗਿੰਗ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।3
Get all latest content delivered to your email a few times a month.