IMG-LOGO
ਹੋਮ ਪੰਜਾਬ, ਰਾਸ਼ਟਰੀ, ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਵਿਦਿਆਰਥੀ ਨਾਲ ਰੈਗਿੰਗ ’ਤੇ...

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਵਿਦਿਆਰਥੀ ਨਾਲ ਰੈਗਿੰਗ ’ਤੇ ਜਥੇਦਾਰ ਟੇਕ ਸਿੰਘ ਸਖ਼ਤ, ਸਕੂਲ ਪ੍ਰਬੰਧਨ ਖ਼ਿਲਾਫ਼ ਵੀ ਕਾਰਵਾਈ ਦੀ ਮੰਗ

Admin User - Sep 08, 2026 05:42 PM
IMG

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਨਾਲ ਅਜਿਹਾ ਅਣਮਨੁੱਖੀ ਵਿਵਹਾਰ ਕਿਸੇ ਵੀ ਹਾਲਤ ਵਿੱਚ ਕਬੂਲਯੋਗ ਨਹੀਂ ਹੈ।

ਗਿਆਨੀ ਟੇਕ ਸਿੰਘ ਨੇ ਕਿਹਾ ਕਿ ਵਾਇਰਲ ਹੋਈ ਵੀਡੀਓ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬੱਚਿਆਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਡਰ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਸਕੂਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਬੱਚਿਆਂ ਦੇ ਮਨ ’ਤੇ ਡੂੰਘਾ ਮਾਨਸਿਕ ਪ੍ਰਭਾਵ ਪਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਹਿਮਾਚਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰਨਾ ਸਵਾਗਤਯੋਗ ਕਦਮ ਹੈ, ਪਰ ਕਾਰਵਾਈ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਜੇਕਰ ਸਕੂਲ ਦੇ ਪ੍ਰਿੰਸੀਪਲ ਜਾਂ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਕਦਮ ਨਹੀਂ ਚੁੱਕੇ ਗਏ ਤਾਂ ਉਨ੍ਹਾਂ ਦੀ ਜ਼ਿੰਮੇਵਾਰੀ ਵੀ ਤੈਅ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਜਥੇਦਾਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਦਿਆਰਥੀ ਨਾਲ ਧੱਕੇਸ਼ਾਹੀ ਜਾਂ ਜ਼ਬਰਦਸਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਉਸਦੀ ਸਿੱਖ ਪਛਾਣ ਜਾਂ ਧਾਰਮਿਕ ਸਰੂਪ ਕਾਰਨ ਨਿਸ਼ਾਨਾ ਬਣਾਇਆ ਗਿਆ ਹੈ ਤਾਂ ਇਹ ਹੋਰ ਵੀ ਗੰਭੀਰ ਮਾਮਲਾ ਹੈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਗਿਆਨੀ ਟੇਕ ਸਿੰਘ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਕੂਲ ਪ੍ਰਬੰਧਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਅਤੇ ਸਕੂਲਾਂ ਵਿੱਚ ਉਨ੍ਹਾਂ ਨਾਲ ਹੋ ਰਹੇ ਵਿਵਹਾਰ ਸਬੰਧੀ ਪ੍ਰਬੰਧਨ ਅਤੇ ਪ੍ਰਸ਼ਾਸਨ ਤੋਂ ਜਵਾਬਦੇਹੀ ਯਕੀਨੀ ਬਣਾਉਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.