ਤਾਜਾ ਖਬਰਾਂ
ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਸਥਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਮਾਰਕ ਤੋਂ ਇਸ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਯਾਤਰਾ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚੋਂ ਲੰਘੇਗੀ ਅਤੇ 29 ਜਾਂ 30 ਸਤੰਬਰ ਨੂੰ ਜਲੰਧਰ ਵਿੱਚ ਵੱਡੀ ਰੈਲੀ ਨਾਲ ਇਸ ਦਾ ਸਮਾਪਨ ਕੀਤਾ ਜਾਵੇਗਾ।
ਭਾਜਪਾ ਦੀ ਯੋਜਨਾ ਮੁਤਾਬਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਫਾਜ਼ਿਲਕਾ ਸਮੇਤ ਕਈ ਮਹੱਤਵਪੂਰਨ ਸਥਾਨਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਫਾਜ਼ਿਲਕਾ ਵਿੱਚ ਆਸਫਵਾਲਾ ਜੰਗੀ ਯਾਦਗਾਰ ਤੋਂ ਯਾਤਰਾ ਦੇ ਇੱਕ ਪੜਾਅ ਦੀ ਸ਼ੁਰੂਆਤ ਕੀਤੀ ਜਾਣ ਦੀ ਗੱਲ ਸਾਹਮਣੇ ਆਈ ਹੈ।
ਪਾਰਟੀ ਵੱਲੋਂ ਇਸ ਯਾਤਰਾ ਨੂੰ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਤ ਨਾ ਰੱਖਦਿਆਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਣ ਦੀ ਯੋਜਨਾ ਹੈ। ਇਸ ਦੌਰਾਨ ਨੌਜਵਾਨਾਂ ਨੂੰ ਜੋੜਨ ਲਈ ਵੱਖ-ਵੱਖ ਥਾਵਾਂ ’ਤੇ ਬਾਈਕ ਰੈਲੀਆਂ ਵੀ ਕਰਵਾਈਆਂ ਜਾਣਗੀਆਂ।
ਭਾਜਪਾ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦੇ ਸੀਨੀਅਰ ਆਗੂਆਂ ਅਤੇ ਕੇਂਦਰੀ ਮੰਤਰੀਆਂ ਨੂੰ ਵੱਖ-ਵੱਖ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੇ ਜਾਣ ਦੀ ਤਿਆਰੀ ਹੈ। ਆਗੂ ਇਸ ਮੁਹਿੰਮ ਦੌਰਾਨ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਪਾਰਟੀ ਦਾ ਸਿਆਸੀ ਸੰਦੇਸ਼ ਪਹੁੰਚਾਉਣਗੇ।
ਯਾਤਰਾ ਦੇ ਆਖਰੀ ਪੜਾਅ ਵਿੱਚ ਜਲੰਧਰ ਵਿੱਚ ਇੱਕ ਵੱਡੀ ਜਨ ਸਭਾ ਕਰਵਾਈ ਜਾਣ ਦੀ ਯੋਜਨਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਾਂ 30 ਸਤੰਬਰ ਨੂੰ ਇਸ ਰੈਲੀ ਨੂੰ ਸੰਬੋਧਨ ਕਰ ਸਕਦੇ ਹਨ। ਪਾਰਟੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਅਕਤੂਬਰ ਮਹੀਨੇ ਦੌਰਾਨ ਪੰਜਾਬ ਦੌਰੇ ਦੀ ਸੰਭਾਵਨਾ ਹੈ, ਜਿਸ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਥਾਵਾਂ ’ਤੇ ਪ੍ਰੋਗਰਾਮ ਹੋ ਸਕਦੇ ਹਨ।
ਭਾਜਪਾ ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਵੀ ਸਪੱਸ਼ਟ ਕਰ ਦਿੱਤੀ ਹੈ। ਪਾਰਟੀ ਆਗੂਆਂ ਮੁਤਾਬਕ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਗਿਆ ਹੈ।
ਇਸ ਰਾਜਵਿਆਪੀ ਯਾਤਰਾ ਨੂੰ ਭਾਜਪਾ ਵੱਲੋਂ ਪੰਜਾਬ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਜ਼ਮੀਨੀ ਪੱਧਰ ’ਤੇ ਮਾਹੌਲ ਬਣਾਉਣ ਦੀ ਅਹਿਮ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.