ਤਾਜਾ ਖਬਰਾਂ
ਚੰਡੀਗੜ੍ਹ, 9 ਸਤੰਬਰ 2026:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੂਰਮਹਿਲ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ 24.08.2026 ਨੂੰ ਸੇਵਾ ਕੇਂਦਰ, ਨੂਰਮਹਿਲ ਵਿਖੇ ਮੈਰਿਜ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ। ਬਾਅਦ ਵਿੱਚ ਉਹ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ ਨੂੰ ਮਿਲਿਆ ਅਤੇ ਮੈਰਿਜ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ। ਮੁਲਜ਼ਮ ਮਹੇਸ਼ ਕੁਮਾਰ ਨੇ ਇਸ ਕੰਮ ਲਈ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਟੀਫਿਕੇਟ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ।
ਰਿਸ਼ਵਤ ਨਾ ਦੇਣ ਦੇ ਇੱਛੁਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਮਹੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।
Get all latest content delivered to your email a few times a month.