ਤਾਜਾ ਖਬਰਾਂ
ਜਗਰਾਉਂ : ਇਲਾਕੇ ਦੇ ਸਿੱਧਵਾਂ ਬੇਟ-ਕਿਸ਼ਨਪੁਰਾ ਲਿੰਕ ਮਾਰਗ 'ਤੇ ਲੰਘੀ ਸ਼ਾਮ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਬਜ਼ੁਰਗ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ 62 ਸਾਲਾ ਜਸਵੰਤ ਸਿੰਘ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਮਹਿਲਾ ਦੀ ਪਛਾਣ ਉਨ੍ਹਾਂ ਦੀ 58 ਸਾਲਾ ਪਤਨੀ ਗੁਰਦੀਪ ਕੌਰ ਵਜੋਂ ਹੋਈ ਹੈ।
ਚਸ਼ਮਦੀਦਾਂ ਅਨੁਸਾਰ ਜਸਵੰਤ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਭੌਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ। ਰਸਤੇ 'ਚ ਪਿੱਛੇ ਤੋਂ ਆ ਰਹੀ ਇੱਕ ਬੇਕਾਬੂ ਸਕਾਰਪੀਓ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਨਾਲ ਦੋਵੇਂ ਜਣੇ ਸੜਕ 'ਤੇ ਜਾ ਡਿੱਗੇ ਅਤੇ ਖ਼ੂਨ ਨਾਲ ਲੱਤਪੱਤ ਹੋ ਗਏ।
ਹਾਦਸੇ ਤੋਂ ਬਾਅਦ ਕਾਰ 'ਚ ਸਵਾਰ ਲੜਕੀਆਂ ਨੇ ਮੁਸਤੈਦੀ ਦਿਖਾਉਂਦੇ ਹੋਏ ਜ਼ਖ਼ਮੀਆਂ ਨੂੰ ਤੁਰੰਤ ਜਗਰਾਉਂ ਦੇ ਨਿੱਜੀ ਹਸਪਤਾਲ ਪਹੁੰਚਾਇਆ। ਉੱਥੇ ਪ੍ਰਾਇਮਰੀ ਇਲਾਜ ਤੋਂ ਬਾਅਦ ਜਦੋਂ ਦੋਵਾਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ, ਤਾਂ ਡਾਕਟਰਾਂ ਨੇ ਜਸਵੰਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਗੁਰਦੀਪ ਕੌਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਦੇ ਵੱਡੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ 'ਚ ਚੀਕ-ਚਿਹਾੜਾ ਪੈ ਗਿਆ। ਮ੍ਰਿਤਕ ਦੇ ਭਰਾ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਹਾਦਸੇ ਦੇ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Get all latest content delivered to your email a few times a month.