IMG-LOGO
ਹੋਮ ਪੰਜਾਬ: ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ:...

ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ: ਗੁਰਵਿੰਦਰ ਸਿੰਘ ਡੂਮਛੇੜੀ

Admin User - Sep 11, 2026 05:46 PM
IMG

ਰੂਪਨਗਰ, 6 ਸਤੰਬਰ:

ਪੰਜਾਬ ਵਿੱਚ ਸਾਈਕਲਿੰਗ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਵਿਸ਼ੇਸ਼ ਤੌਰ ’ਤੇ ਪੇਂਡੂ ਖੇਤਰਾਂ ਵਿੱਚ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਅੱਗੇ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਰੂਪਨਗਰ ਦੇ ਪ੍ਰਧਾਨ ਸ. ਗੁਰਵਿੰਦਰ ਸਿੰਘ ਡੂਮਛੇੜੀ ਨੇ ਪੰਜਾਬ ਸਟੇਟ ਐਮ.ਟੀ.ਬੀ. ਸਾਈਕਲਿੰਗ ਚੈਂਪੀਅਨਸ਼ਿਪ, ਜੋ ਪਟਿਆਲਾ ਦੇ ਰੀਠ ਖੇੜੀ ਵਿਖੇ ਕਰਵਾਈ ਗਈ ਦੌਰਾਨ ਕੀਤਾ। 

ਚੈਂਪੀਅਨਸ਼ਿਪ ਦੌਰਾਨ ਸ. ਗੁਰਵਿੰਦਰ ਸਿੰਘ ਡੂਮਛੇੜੀ ਨੇ ਸੀਨੀਅਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਜੇਤੂ ਰਹੇ ਸਾਈਕਲਿਸਟਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਰੂਪਨਗਰ ਦੇ ਤਰਨਦੀਪ ਸਿੰਘ ਨੇ ਸੂਬਾ ਪੱਧਰ 'ਤੇ ਤੀਜਾ ਸਥਾਨ 

ਹਾਸਲ ਕੀਤਾ, ਜਿਸ ਸਬੰਧੀ ਗੁਰਵਿੰਦਰ ਸਿੰਘ ਡੂਮਛੇੜੀ ਨੇ ਉਸ ਨੂੰ ਉਚੇਚੇ ਤੌਰ ਉੱਤੇ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਕਿਸੇ ਵੀ ਖਿਡਾਰੀ ਦੀ ਸਫਲਤਾ ਪਿੱਛੇ ਉਸ ਦੀ ਲੰਬੀ ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦਾ ਅਤੇ ਕੋਚਾਂ ਤੇ ਪਰਿਵਾਰ ਦਾ ਸਹਿਯੋਗ ਹੁੰਦਾ ਹੈ। ਇਸ ਲਈ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਕਰਨਾ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਦਾ ਹੈ।


ਸ. ਡੂਮਛੇੜੀ ਨੇ ਕਿਹਾ ਕਿ ਸਾਈਕਲਿੰਗ ਕੇਵਲ ਇੱਕ ਮੁਕਾਬਲੇ ਵਾਲੀ ਖੇਡ ਹੀ ਨਹੀਂ, ਸਗੋਂ ਤੰਦਰੁਸਤ ਜੀਵਨ ਸ਼ੈਲੀ, ਸਰੀਰਕ ਫਿਟਨੈੱਸ ਅਤੇ ਵਾਤਾਵਰਨ ਦੀ ਸੰਭਾਲ ਨਾਲ ਵੀ ਜੁੜੀ ਹੋਈ ਹੈ। ਪੰਜਾਬ ਦੇ ਨੌਜਵਾਨਾਂ ਵਿੱਚ ਸਾਈਕਲਿੰਗ ਪ੍ਰਤੀ ਵੱਡੀ ਸਮਰੱਥਾ ਅਤੇ ਉਤਸ਼ਾਹ ਮੌਜੂਦ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਉਮਰ ਵਿੱਚ ਢੁਕਵੀਂ ਸਿਖਲਾਈ, ਮੁਕਾਬਲੇ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾਵੇ ਤਾਂ ਪੰਜਾਬ ਦੇ ਸਾਈਕਲਿਸਟ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹੋਰ ਵੱਡੀਆਂ ਪ੍ਰਾਪਤੀਆਂ ਦਰਜ ਕਰ ਸਕਦੇ ਹਨ।


ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਰੂਪਨਗਰ ਵੱਲੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਸਾਈਕਲਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਸਕੂਲਾਂ, ਕਾਲਜਾਂ ਅਤੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਸਾਈਕਲਿੰਗ ਨਾਲ ਜੋੜਨ ਦੇ ਨਾਲ-ਨਾਲ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਵੇਗਾ।


ਇਸ ਮੌਕੇ ਆਪਣੇ ਪਿਤਾ ਸ਼ਹੀਦ ਜਥੇਦਾਰ ਸ. ਸ਼ੇਰ ਸਿੰਘ ਡੂਮਛੇੜੀ ਨੂੰ ਯਾਦ ਕਰਦਿਆਂ ਸ. ਗੁਰਵਿੰਦਰ ਸਿੰਘ ਡੂਮਛੇੜੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੌਜਵਾਨਾਂ ਨੂੰ ਹਮੇਸ਼ਾ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਦੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਵਿੱਚ ਖੇਡਾਂ ਦੀ ਬਹੁਤ ਅਹਿਮ ਭੂਮਿਕਾ ਹੈ ਅਤੇ ਉਨ੍ਹਾਂ ਦੇ ਪਿਤਾ  ਵੀ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੰਦੇ ਸਨ ਕਿ ਨੌਜਵਾਨ ਸਰੀਰਕ ਤੌਰ ’ਤੇ ਤੰਦਰੁਸਤ, ਅਨੁਸ਼ਾਸਿਤ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਬਣਨ।


ਉਨ੍ਹਾਂ ਕਿਹਾ ਕਿ ਆਪਣੇ ਪਿਤਾ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿੱਤੀ ਜਾਂਦੀ ਪ੍ਰੇਰਨਾ, ਉਨ੍ਹਾਂ ਲਈ ਅੱਜ ਵੀ ਮਾਰਗਦਰਸ਼ਨ ਦਾ ਸਰੋਤ ਹੈ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ ਉਹ ਰੂਪਨਗਰ ਜ਼ਿਲ੍ਹੇ ਵਿੱਚ ਸਾਈਕਲਿੰਗ ਦੀ ਖੇਡ ਨੂੰ ਨਵੀਆਂ ਬੁਲੰਦੀਆਂ ਤੱਕ ਲਿਜਾਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਖੇਡ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ।


ਸ. ਗੁਰਵਿੰਦਰ ਸਿੰਘ ਡੂਮਛੇੜੀ ਨੇ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਸੂਬੇ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਪੱਧਰ ਤਕ ਲਗਾਤਾਰ ਮੁਕਾਬਲੇ ਕਰਵਾਉਣ ਨਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਪਰਖਣ ਅਤੇ ਨਿਖਾਰਨ ਦਾ ਮੌਕਾ ਮਿਲਦਾ ਹੈ। 


ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਰੂਪਨਗਰ ਸੂਬਾਈ ਐਸੋਸੀਏਸ਼ਨ ਦੇ ਹਰ ਉਸ ਉਪਰਾਲੇ ਵਿੱਚ ਪੂਰਨ ਸਹਿਯੋਗ ਦੇਵੇਗੀ, ਜਿਸ ਦਾ ਉਦੇਸ਼ ਪੰਜਾਬ ਵਿੱਚ ਸਾਈਕਲਿੰਗ ਦਾ ਮਜ਼ਬੂਤ ਢਾਂਚਾ ਤਿਆਰ ਕਰਨਾ ਅਤੇ ਨਵੀਂ ਪ੍ਰਤਿਭਾ ਨੂੰ ਅੱਗੇ ਲਿਆਉਣਾ ਹੈ।


ਇਸ ਦੌਰਾਨ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਵੱਲੋਂ ਸ. ਗੁਰਵਿੰਦਰ ਸਿੰਘ ਡੂਮਛੇੜੀ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਾਈਕਲਿੰਗ ਦੀ ਖੇਡ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਅਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਰੂਪਨਗਰ ਜ਼ਿਲ੍ਹੇ ਵਿੱਚ ਸਾਈਕਲਿੰਗ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨਵੀਂ ਪੀੜ੍ਹੀ ਦੇ ਪ੍ਰਤਿਭਾਸ਼ਾਲੀ ਸਾਈਕਲਿਸਟ ਸਾਹਮਣੇ ਆਉਣਗੇ।


ਸ. ਡੂਮਛੇੜੀ ਨੇ ਆਪਣੇ ਸਨਮਾਨ ਲਈ ਪੰਜਾਬ ਸਾਈਕਲਿੰਗ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਇੱਕ ਨਵੀਂ ਜ਼ਿੰਮੇਵਾਰੀ ਅਤੇ ਹੋਰ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰੂਪਨਗਰ ਜ਼ਿਲ੍ਹੇ ਅੰਦਰ ਸਾਈਕਲਿੰਗ ਦੇ ਮੁਕਾਬਲਿਆਂ, ਪ੍ਰਤਿਭਾ ਖੋਜ ਅਤੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ।


ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜਨ ਅਤੇ ਸਾਈਕਲਿੰਗ ਸਮੇਤ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ। 


ਉਨ੍ਹਾਂ ਕਿਹਾ ਕਿ ਤੰਦਰੁਸਤ, ਅਨੁਸ਼ਾਸਿਤ ਅਤੇ ਖੇਡਾਂ ਨਾਲ ਜੁੜੀ ਨੌਜਵਾਨ ਪੀੜ੍ਹੀ ਹੀ ਮਜ਼ਬੂਤ ਪੰਜਾਬ ਦੀ ਨੀਂਹ ਹੈ ਅਤੇ ਇਸ ਦਿਸ਼ਾ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।


ਇਸ ਮੌਕੇ ਕਿਸਾਨ ਆਗੂ ਤੇ ਜ਼ਿਲ੍ਹਾ ਪ੍ਰਾਪਰਟੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਐਸੋਸੀਏਸ਼ਨ ਦੇ ਸੀਨੀਅਰ ਅਹੁਦੇਦਾਰ ਬਖਸ਼ਿਸ਼ ਸਿੰਘ ਸਮੇਤ ਵੱਡੀ ਗਿਣਤੀ ਸਾਈਕਲਿਸਟ, ਕੋਚ ਅਤੇ ਦਰਸ਼ਕ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.