ਤਾਜਾ ਖਬਰਾਂ
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਨੇ ਆਪਣੀ ਚਾਲ ਬਦਲਣੀ ਸ਼ੁਰੂ ਕਰ ਦਿੱਤੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲਾਂ ਦਾ ਡੇਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਅੱਜ (12 ਸਤੰਬਰ) ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਮਾਮੂਲੀ ਗਿਰਾਵਟ ਆਈ ਹੈ, ਪ੍ਰੰਤੂ ਇਹ ਹਾਲੇ ਵੀ ਸਮਾਨ ਗਰਮੀ ਨਾਲੋਂ 2.2 ਡਿਗਰੀ ਵਧੇਰੇ ਬਣਿਆ ਹੋਇਆ ਹੈ। ਲੰਘੇ ਦਿਨੀਂ ਬਠਿੰਡਾ 38 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਇਲਾਕਾ ਰਿਹਾ।
ਮੌਸਮ ਮਾਹਿਰਾਂ ਅਨੁਸਾਰ ਉੱਤਰੀ ਪਾਕਿਸਤਾਨ ਅਤੇ ਜੰਮੂ ਲਾਗਲੇ ਖੇਤਰਾਂ ਵਿੱਚ ਬਣੀ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਹੁਣ ਉੱਤਰੀ ਪੰਜਾਬ ਦੇ ਉੱਪਰ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ। ਇਸ ਦੇ ਪ੍ਰਭਾਵ ਨਾਲ 13 ਤੋਂ 15 ਸਤੰਬਰ ਦਰਮਿਆਨ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। 17 ਸਤੰਬਰ ਤੱਕ ਹਲਕੀ ਬਾਰਿਸ਼ ਦਾ ਇਹ ਲੜੀਵਾਰ ਸਿਲਸਿਲਾ ਜਾਰੀ ਰਹਿ ਸਕਦਾ ਹੈ, ਜਿਸ ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਤਾਪਮਾਨ 32 ਤੋਂ 34 ਡਿਗਰੀ ਦੇ ਵਿੱਚ ਰਹਿਣ ਦਾ ਅਨੁਮਾਨ ਹੈ।
ਦੂਜੇ ਪਾਸੇ, ਹੁੰਮਸ ਵਾਲੀ ਗਰਮੀ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਅਸਮਾਨੀਂ ਪਹੁੰਚ ਗਈ ਹੈ। ਸ਼ਨੀਵਾਰ ਸਵੇਰੇ ਬਿਜਲੀ ਦੀ ਖ਼ਪਤ 12,720 ਮੈਗਾਵਾਟ ਤੱਕ ਜਾ ਪਹੁੰਚੀ, ਜਿਸ ਨੂੰ ਪੂਰਾ ਕਰਨ ਲਈ ਪੰਜਾਬ ਨੇ ਰਾਸ਼ਟਰੀ ਗ੍ਰਿੱਡ ਤੋਂ 8,440 ਮੈਗਾਵਾਟ ਬਿਜਲੀ ਪ੍ਰਾਪਤ ਕੀਤੀ ਅਤੇ ਬਾਕੀ ਲੋੜ ਸੂਬੇ ਦੇ ਆਪਣੇ ਥਰਮਲ ਤੇ ਹਾਈਡਲ ਪ੍ਰੋਜੈਕਟਾਂ ਤੋਂ ਪੂਰੀ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਹੀ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ।
Get all latest content delivered to your email a few times a month.