IMG-LOGO
ਹੋਮ ਪੰਜਾਬ: ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਤਿੱਖਾ ਰੋਸ, ਬੈਰੀਕੇਡ ਤੋੜ ਕੇ ਮੰਤਰੀਆਂ...

ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਤਿੱਖਾ ਰੋਸ, ਬੈਰੀਕੇਡ ਤੋੜ ਕੇ ਮੰਤਰੀਆਂ ਤੇ ਸਪੀਕਰ ਦੀਆਂ ਰਿਹਾਇਸ਼ਾਂ ਤੱਕ ਪਹੁੰਚੇ

Admin User - Sep 12, 2026 04:41 PM
IMG

ਸਾਂਝੇ ਮੁਲਾਜ਼ਮ ਫੋਰਮ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇਜ਼ ਕਰ ਦਿੱਤਾ ਗਿਆ ਹੈ। ਫੋਰਮ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪਟਿਆਲਾ, ਫ਼ਰੀਦਕੋਟ ਅਤੇ ਹੁਸ਼ਿਆਰਪੁਰ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ ਕੀਤਾ।

ਪਟਿਆਲਾ ਅਤੇ ਫ਼ਰੀਦਕੋਟ ਵਿੱਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਬੈਰੀਕੇਡ ਪਾਰ ਕਰਦਿਆਂ ਮੰਤਰੀ ਬਲਬੀਰ ਸਿੰਘ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਰਿਹਾਇਸ਼ਾਂ ਤੱਕ ਪਹੁੰਚ ਕੀਤੀ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਪਟਿਆਲਾ ਵਿੱਚ ਮੁਲਾਜ਼ਮਾਂ ਨੇ ਪੁਲਿਸ ਵੱਲੋਂ ਕੀਤੀ ਗਈ ਬਹੁ-ਪੱਧਰੀ ਬੈਰੀਕੇਡਿੰਗ ਨੂੰ ਪਾਰ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦੇ ਨੇੜੇ ਪਹੁੰਚ ਕੇ ਧਰਨਾ ਦਿੱਤਾ। ਫ਼ਰੀਦਕੋਟ ਵਿੱਚ ਵੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਮੁਲਾਜ਼ਮਾਂ ਨੇ ਆਪਣਾ ਰੋਸ ਜ਼ਾਹਰ ਕੀਤਾ।

ਉਧਰ, ਹੁਸ਼ਿਆਰਪੁਰ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਖ਼ੁਦ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਲਈ ਬਾਹਰ ਆਏ। ਉਨ੍ਹਾਂ ਨੇ ਮੁਲਾਜ਼ਮਾਂ ਦਾ ਮੰਗ-ਪੱਤਰ ਪ੍ਰਾਪਤ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣਗੇ ਅਤੇ ਆਪਣੀ ਸਿਫ਼ਾਰਸ਼ ਵੀ ਦੇਣਗੇ। ਰੌੜੀ ਨੇ ਕਿਹਾ ਕਿ ਸਪੀਕਰ ਅਤੇ ਡਿਪਟੀ ਸਪੀਕਰ ਸੰਵਿਧਾਨਕ ਅਹੁਦੇ ਹਨ, ਇਸ ਲਈ ਉਹ ਸਰਕਾਰ ਦੇ ਹੱਕ ਜਾਂ ਵਿਰੋਧ ਵਿੱਚ ਸਿੱਧੀ ਟਿੱਪਣੀ ਨਹੀਂ ਕਰ ਸਕਦੇ।

ਮੁਲਾਜ਼ਮ ਆਗੂਆਂ ਮੁਤਾਬਕ ਸਰਕਾਰ ਵੱਲੋਂ ਹਾਲ ਹੀ ਵਿੱਚ ਦੋ ਵਿਵਾਦਿਤ ਹੁਕਮ ਵਾਪਸ ਲਏ ਜਾਣ ਤੋਂ ਬਾਅਦ ਹੜਤਾਲ ਮੁਅੱਤਲ ਕੀਤੀ ਗਈ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅਜੇ ਤੱਕ ਤੈਅ ਨਹੀਂ ਹੋਈ। ਇਸ ਕਾਰਨ ਫੋਰਮ ਨੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।

ਆਗੂਆਂ ਨੇ ਐਲਾਨ ਕੀਤਾ ਕਿ 13 ਸਤੰਬਰ ਨੂੰ ਚਾਰ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਅੰਮ੍ਰਿਤਸਰ ਵਿੱਚ ਹਰਭਜਨ ਸਿੰਘ ਈ.ਟੀ.ਓ., ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਸੁਨਾਮ ਵਿੱਚ ਅਮਨ ਅਰੋੜਾ ਅਤੇ ਅਨੰਦਪੁਰ ਸਾਹਿਬ ਵਿੱਚ ਹਰਜੋਤ ਬੈਂਸ ਦੀਆਂ ਰਿਹਾਇਸ਼ਾਂ ਅੱਗੇ ਮੁਲਾਜ਼ਮ ਤੇ ਪੈਨਸ਼ਨਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ।

ਫੋਰਮ ਵੱਲੋਂ ਇਨ੍ਹਾਂ ਪ੍ਰਦਰਸ਼ਨਾਂ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਣ ਅਤੇ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਠੋਸ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.